ਚੰਡੀਗੜ੍ਹ, 14 ਅਕਤੂਬਰ (ਹਿ. ਸ.)। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਵੱਡੀ ਕਾਰਵਾਈ ਕਰਦਿਆਂ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਸਵੇਰੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।
ਪੁਲਿਸ ਦੇ ਡਾਇਰੈਕਟਰ ਜਨਰਲ ਅਨੁਸਾਰ ਤਿਉਹਾਰਾਂ ਦੌਰਾਨ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਕੇਂਦਰੀ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ’ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।
ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੰਗਠਨ, ਜਿਸਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ ਬਣਾਉਣ ਦਾ ਸਮਾਨ, ਦੋ ਹੈਂਡ ਗਰਨੇਡ ਅਤੇ ਪਿਸਤੌਲ ਦਾ ਪ੍ਰਬੰਧ ਕੀਤਾ ਗਿਆ ਸੀ।
ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, ਇੱਕ ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
