ਚੰਡੀਗੜ੍ਹ, 29 ਸਤੰਬਰ (ਹਿ. ਸ.)। ਪੰਜਾਬ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ, ਜਿਸ ਕਾਰਨ ਦਰਜਨਾਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਈਆਂ ਦੇ ਰੂਟ ਮੋੜ ਦਿੱਤੇ ਗਏ ਹਨ। 19 ਜਥੇਬੰਦੀਆਂ ਨੇ 17 ਥਾਵਾਂ ’ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਅੰਮ੍ਰਿਤਸਰ ਦੇ ਦੇਵੀਦਾਸਪੁਰਾ ਅਤੇ ਮਜੀਠਾ, ਫਾਜ਼ਿਲਕਾ, ਮਾਲੇਰਕੋਟਲਾ ਦੇ ਅਹਿਮਦਗੜ੍ਹ ਵਿੱਚ ਇਹ ਪ੍ਰਦਰਸ਼ਨ 30 ਸਤੰਬਰ ਤੱਕ ਜਾਰੀ ਰਹੇਗਾ।ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਧਰਨੇ ਕਾਰਨ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ, ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੀਆਂ ਸਾਰੀਆਂ ਲਾਈਨਾਂ ਪੂਰੀ ਤਰ੍ਹਾਂ ਠੱਪ ਹਨ।
ਟਰੇਨਾਂ ਦੇ ਚੱਕਾ ਜਾਮ ਕਾਰਨ ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਹਜ਼ਾਰਾਂ ਯਾਤਰੀ ਫਸੇ ਹੋਏ ਹਨ। ਵੀਰਵਾਰ ਨੂੰ ਜਿੱਥੇ 60 ਟਰੇਨਾਂ ਪ੍ਰਭਾਵਿਤ ਹੋਈਆਂ ਸਨ, ਉੱਥੇ ਸ਼ੁੱਕਰਵਾਰ ਨੂੰ 90 ਤੋਂ ਜ਼ਿਆਦਾ ਟਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।
ਅੰਮ੍ਰਿਤਸਰ ਨਵੀਂ ਦਿੱਲੀ ਸ਼ਤਾਬਦੀ ਅੱਜ ਲੁਧਿਆਣਾ ਤੋਂ ਚਲਾਈ ਗਈ ਜਦਕਿ ਅੰਮ੍ਰਿਤਸਰ ਨਾਂਦੇੜ ਸੱਚਖੰਡ ਐਕਸਪ੍ਰੈਸ ਅੰਬਾਲਾ ਤੋਂ ਚਲਾਈ ਗਈ। ਇਸੇ ਤਰ੍ਹਾਂ ਸ਼ਾਨ-ਏ-ਪੰਜਾਬ ਨੂੰ ਲੁਧਿਆਣਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਅੰਮ੍ਰਿਤਸਰ-ਨਵੀਂ ਦਿੱਲੀ ਸੁਪਰਫਾਸਟ ਨੂੰ ਰੱਦ ਕਰ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
