ਨਵੀਂ ਦਿੱਲੀ, 17 ਅਕਤੂਬਰ (ਹਿ.ਸ.)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਪਣੇ ਬਹੁ-ਉਡੀਕੀ ਫੈਸਲੇ ਵਿੱਚ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਪੈਸ਼ਲ ਮੈਰਿਜ ਐਕਟ ਵਿੱਚ ਬਦਲਾਅ ਕਰਨ ਦਾ ਅਧਿਕਾਰ ਸਿਰਫ਼ ਸੰਸਦ ਨੂੰ ਹੈ। ਇਹ ਕਾਨੂੰਨੀ ਲੜਾਈ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਿੱਚ ਲੰਬੇ ਸਮੇਂ ਤੱਕ ਚੱਲੀ, ਤਾਂ ਆਓ ਇੱਕ ਨਜ਼ਰ ਮਾਰੀਏ:-
11 ਮਈ 2023: ਸੁਪਰੀਮ ਕੋਰਟ ਨੇ 10 ਦਿਨਾਂ ਦੀ ਸੁਣਵਾਈ ਤੋਂ ਬਾਅਦ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
18 ਅਪ੍ਰੈਲ 2023: ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ।
24 ਮਾਰਚ 2023: ਸਮਲਿੰਗੀ ਵਿਆਹ ਨਾਲ ਸਬੰਧਤ ਪਟੀਸ਼ਨਾਂ ਦਾ ਵਿਰੋਧ ਕੀਤਾ ਗਿਆ। ਹਾਈ ਕੋਰਟ ਦੇ 21 ਸੇਵਾਮੁਕਤ ਜੱਜਾਂ ਨੇ ਖੁੱਲ੍ਹਾ ਪੱਤਰ ਲਿਖਿਆ। ਉਨ੍ਹਾਂ ਕਿਹਾ ਕਿ ਇਸ ਦੀ ਮਾਨਤਾ ਭਾਰਤੀ ਵਿਆਹੁਤਾ ਪਰੰਪਰਾਵਾਂ ਲਈ ਖਤਰਾ ਹੈ। ਕਈ ਧਾਰਮਿਕ ਜਥੇਬੰਦੀਆਂ ਨੇ ਵੀ ਇਸ ਦਾ ਵਿਰੋਧ ਕੀਤਾ।
13 ਮਾਰਚ, 2023: ਸੀਜੇਆਈ ਦੀ ਤਿੰਨ ਜੱਜਾਂ ਦੀ ਬੈਂਚ ਨੇ ਕੇਸ ਨੂੰ ਪੰਜ ਜੱਜਾਂ ਦੀ ਬੈਂਚ ਕੋਲ ਭੇਜਿਆ।
12 ਮਾਰਚ 2023: ਕੇਰਲ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਸਾਰੀਆਂ ਪਟੀਸ਼ਨਾਂ ਦਾ ਵਿਰੋਧ ਕੀਤਾ।
06 ਜਨਵਰੀ 2023: ਹਾਈ ਕੋਰਟ ਵਿੱਚ ਇਸ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ।
ਨਵੰਬਰ-ਦਸੰਬਰ, 2022: ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ 20 ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ।
ਨਵੰਬਰ, 2022: ਸਮਲਿੰਗੀ ਜੋੜੇ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ਵਿੱਚ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕੀਤੀ ਗਈ।
ਸਾਲ 2020-21: ਦਿੱਲੀ ਵਿੱਚ ਸਮਲਿੰਗੀ ਵਿਆਹ ਦੇ ਅਧਿਕਾਰ ਲਈ ਸੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ।
ਸਤੰਬਰ, 2020: ਸਮਲਿੰਗੀ ਵਿਆਹ ਦੇ ਅਧਿਕਾਰ ਲਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ। ਹਾਈਕੋਰਟ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ।
ਜਨਵਰੀ, 2020: ਸਮਲਿੰਗੀ ਵਿਆਹ ਦੇ ਅਧਿਕਾਰ ਲਈ ਕੇਰਲ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ।
ਅਕਤੂਬਰ, 2018: ਕੇਰਲ ਹਾਈ ਕੋਰਟ ਨੇ ਲੈਸਬੀਅਨ ਜੋੜੇ ਨੂੰ ਲਿਵ ਇਨ ’ਚ ਰਹਿਣ ਦੀ ਇਜਾਜ਼ਤ ਦਿੱਤੀ।
ਸਤੰਬਰ, 2018: ਸਮਲਿੰਗੀ ਵਿਆਹ ਦਾ ਮਾਮਲਾ ਨਵਤੇਜ ਸਿੰਘ ਬਨਾਮ ਭਾਰਤ ਸਰਕਾਰ ਬਣ ਗਿਆ। ਸੁਪਰੀਮ ਕੋਰਟ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧ ਤੋਂ ਮੁਕਤ ਕਰ ਦਿੱਤਾ।
ਅਗਸਤ, 2017: ਸੁਪਰੀਮ ਕੋਰਟ ਨੇ ਨਿੱਜਤਾ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਮੰਨਿਆ।
ਅਪ੍ਰੈਲ 2014: ਸੁਪਰੀਮ ਕੋਰਟ ਨੇ ਟਰਾਂਸਜੈਂਡਰ ਨੂੰ ਤੀਜੇ ਲਿੰਗ ਵਜੋਂ ਮਾਨਤਾ ਦਿੱਤੀ।
ਦਸੰਬਰ 2013: ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਸਮਲਿੰਗੀ ਸਬੰਧਾਂ ਨੂੰ ਅਪਰਾਧ ਦੀ ਸ੍ਰੇਣੀ ’ਚ ਰੱਖਿਆ।
ਜੁਲਾਈ 2009 : ਦਿੱਲੀ ਹਾਈ ਕੋਰਟ ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧ ਦੀ ਸ੍ਰੇਣੀ ਤੋਂ ਬਾਹਰ ਕਰ ਦਿੱਤਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
