ਚੰਡੀਗੜ੍ਹ, 06 ਨਵੰਬਰ (ਹਿ. ਸ.)। ਮੋਗਾ ਜ਼ਿਲ੍ਹੇ ’ਚ ਅੱਜ ਇੱਕ ਹੋਰ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਕਸਬਾ ਫਤਿਹਗੜ੍ਹ ਪੰਜਤੂਰ ਦੇ ਪਿੰਡ ਕੜਾਹੇਵਾਲਾ ਨੇੜੇ ਤੜਕੇ ਵਾਪਰਿਆ। ਜਾਣਕਾਰੀ ਮੁਤਾਬਕ ਟਰੱਕ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਇਸ ਜ਼ਬਰਦਸਤ ਟੱਕਰ ‘ਚ ਕਾਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।
ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਅਨੁਸਾਰ ਇਹ ਘਟਨਾ ਤੜਕੇ ਦੋ ਤੋਂ ਤਿੰਨ ਵਜੇ ਦੇ ਦਰਮਿਆਨ ਵਾਪਰੀ। ਕਾਰ ਮੱਖੂ ਵਾਲੇ ਪਾਸੇ ਤੋਂ ਆ ਰਹੀ ਸੀ ਜਦਕਿ ਝੋਨੇ ਨਾਲ ਭਰਿਆ ਟਰੱਕ ਮੋਗਾ ਸਾਈਡ ਤੋਂ ਆ ਰਿਹਾ ਸੀ। ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ ਕਾਰਨ ਪੰਜ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੰਜਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਐਤਵਾਰ ਨੂੰ ਵੀ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
