ਨਵੀਂ ਦਿੱਲੀ, 03 ਦਸੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨਿਰਣਾਇਕ ਲੀਡ ਦਿਵਾਉਣ ਲਈ ਇਨ੍ਹਾਂ ਰਾਜਾਂ ਦੇ ਲੋਕਾਂ ਖਾਸ ਕਰਕੇ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਸੀਂ ਲੋਕ ਭਲਾਈ ਲਈ ਅਣਥੱਕ ਕੰਮ ਕਰਦੇ ਰਹਾਂਗੇ। ਉਨ੍ਹਾਂ ਨੇ ਭਾਜਪਾ ਨੂੰ ਸਮਰਥਨ ਦੇਣ ਲਈ ਤੇਲੰਗਾਨਾ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ, ਜਨਤਾ ਜਨਾਰਦਨ ਨੂੰ ਨਮਨ! ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਦਰਸਾਉਂਦੇ ਹਨ ਕਿ ਭਾਰਤ ਦੇ ਲੋਕਾਂ ਦਾ ਭਰੋਸਾ ਸਿਰਫ਼ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਹੈ। ਅਸੀਂ ਵਿਕਸਿਤ ਭਾਰਤ ਦੇ ਟੀਚੇ ਨਾਲ ਅੱਗੇ ਵਧ ਰਹੇ ਹਾਂ। ਸਾਨੂੰ ਨਾ ਤਾਂ ਰੁਕਣਾ ਹੈ ਅਤੇ ਨਾ ਹੀ ਥੱਕਣਾ ਹੈ। ਅਸੀਂ ਭਾਰਤ ਨੂੰ ਜੇਤੂ ਬਣਾਉਣਾ ਹੈ। ਅੱਜ ਅਸੀਂ ਮਿਲ ਕੇ ਇਸ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਚੁੱਕਿਆ ਹੈ। ਉਨ੍ਹਾਂ ਭਾਜਪਾ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਤੁਸੀਂ ਸਾਰਿਆਂ ਨੇ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਜਿਸ ਤਰ੍ਹਾਂ ਤੁਸੀਂ ਭਾਜਪਾ ਦੀਆਂ ਵਿਕਾਸ ਅਤੇ ਗਰੀਬ ਕਲਿਆਣਕਾਰੀ ਨੀਤੀਆਂ ਨੂੰ ਲੋਕਾਂ ਵਿਚ ਲਿਆਇਆ ਹੈ, ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ।
ਤੇਲੰਗਾਨਾ ਦੇ ਲੋਕਾਂ ਤੋਂ ਮਿਲੇ ਸਮਰਥਨ ‘ਤੇ ਇਕ ਹੋਰ ਪੋਸਟ ‘ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਇਹ ਸਮਰਥਨ ਵਧਦਾ ਜਾ ਰਿਹਾ ਹੈ ਅਤੇ ਭਵਿੱਖ ‘ਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਤੇਲੰਗਾਨਾ ਨਾਲ ਸਾਡਾ ਰਿਸ਼ਤਾ ਅਟੁੱਟ ਹੈ ਅਤੇ ਅਸੀਂ ਲੋਕਾਂ ਲਈ ਕੰਮ ਕਰਦੇ ਰਹਾਂਗੇ। ਉਹ ਭਾਜਪਾ ਦੇ ਹਰ ਵਰਕਰ ਦੇ ਯਤਨਾਂ ਦੀ ਵੀ ਸ਼ਲਾਘਾ ਕਰਦੇ ਹਨ।
ਵਰਨਣਯੋਗ ਹੈ ਕਿ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੁਣ ਸਾਫ਼ ਹੁੰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਤਿੰਨ ਰਾਜਾਂ ਵਿੱਚ ਨਿਰਣਾਇਕ ਲੀਡ ਉੱਤੇ ਹੈ ਅਤੇ ਕਾਂਗਰਸ ਤੇਲੰਗਾਨਾ ਵਿੱਚ ਬੀਆਰਐੱਸ ਨੂੰ ਸੱਤਾ ਤੋਂ ਲਾਂਭੇ ਕਰਦੀ ਨਜ਼ਰ ਆ ਰਹੀ ਹੈ। ਮੱਧ ਪ੍ਰਦੇਸ਼ ‘ਚ ਭਾਜਪਾ ਨੂੰ ਵੱਡਾ ਜਨਾਦੇਸ਼ ਮਿਲਦਾ ਨਜ਼ਰ ਆ ਰਿਹਾ ਹੈ, ਜਦਕਿ ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਤੇਲੰਗਾਨਾ ਵਿੱਚ ਵੀ ਭਾਜਪਾ ਦੀ ਵੋਟ ਪ੍ਰਤੀਸ਼ਤਤਾ ਲਗਭਗ 14 ਫੀਸਦੀ ਰਹੀ ਹੈ ਅਤੇ ਉਹ ਇੱਥੇ 9 ਸੀਟਾਂ ਲੈਂਦੀ ਨਜ਼ਰ ਆ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
