ਨਵੀਂ ਦਿੱਲੀ, 16 ਅਕਤੂਬਰ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸ਼ੇਰੇ ਬੀਬੀ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ 224 ਮੀਟਰ ਦੇ ਦੋ ਮਾਰਗੀ ਪੁਲ ਦਾ ਨਿਰਮਾਣ ਸਫਲਤਾਪੂਰਵਕ ਪੂਰਾ ਹੋ ਗਿਆ ਹੈ।
ਸੋਮਵਾਰ ਨੂੰ ਕੇਂਦਰੀ ਮੰਤਰੀ ਗਡਕਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਕਿ ਇਹ ਪੁਲ ਐੱਨਐੱਚ-44 ਦੇ ਰਾਮਬਨ ਤੋਂ ਬਨਿਹਾਲ ਸੈਕਸ਼ਨ ‘ਤੇ ਸਥਿਤ ਹੈ। ਇਸ ਨਾਲ ਯਾਤਰਾ ਦੀ ਦੂਰੀ 125 ਮੀਟਰ ਘੱਟ ਜਾਵੇਗੀ ਅਤੇ ਢਲਾਣਾਂ ਤੋਂ ਬਚਿਆ ਜਾ ਸਕਦਾ ਹੈ। ਇਸ ਨਾਲ ਵਾਹਨਾਂ ਦੀ ਆਵਾਜਾਈ ਆਸਾਨ ਹੋ ਜਾਵੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਵੇਗਾ ਅਤੇ ਸਮੁੱਚੇ ਸੰਪਰਕ ਨੂੰ ਵਧਾਏਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਅਸੀਂ ਜੰਮੂ-ਕਸ਼ਮੀਰ ਰਾਜ ਵਿੱਚ ਬਿਹਤਰ ਹਾਈਵੇਅ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ‘ਤੇ ਕਾਇਮ ਹਾਂ।
