ਚੰਡੀਗੜ੍ਹ, 20 ਫਰਵਰੀ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮੁੜ ਗਿਣਤੀ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਿਨ੍ਹਾਂ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਹੁਣ ਗਿਣਤੀ ਦੌਰਾਨ ਪ੍ਰਮਾਣਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਨੇ ਜਾਣਬੁੱਝ ਕੇ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਅਪਰਾਧ ਕੀਤਾ ਹੈ।
ਸੁਣਵਾਈ ਸ਼ੁਰੂ ਹੁੰਦੇ ਹੀ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਉਨ੍ਹਾਂ 8 ਬੈਲਟ ਪੇਪਰਾਂ ਨੂੰ ਦੇਖਣਾ ਚਾਹੁੰਦੇ ਹਾਂ, ਜਿਨ੍ਹਾਂ ਨੂੰ ਰੱਦ ਕੀਤਾ ਗਿਆ ਸੀ। ਬੈਲਟ ਪੇਪਰ ਦੇਖਣ ਤੋਂ ਬਾਅਦ ਚੀਫ਼ ਜਸਟਿਸ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਪੁੱਛਿਆ ਕਿ ਤੁਸੀਂ ਕੱਲ੍ਹ ਕਿਹਾ ਸੀ ਕਿ ਮੈਂ ਬੈਲਟ ਪੇਪਰਾਂ ‘ਤੇ ਨਿਸ਼ਾਨ ਲਗਾਏ ਸਨ ਜੋ ਖ਼ਰਾਬ ਸਨ। ਅੱਜ ਬੈਲਟ ਪੇਪਰ ਤੁਹਾਡੇ ਸਾਹਮਣੇ ਹੈ, ਕਿਰਪਾ ਕਰਕੇ ਦੇਖੋ। ਅਦਾਲਤ ਨੇ ਕਿਹਾ ਕਿ ਉਨ੍ਹਾਂ 8 ਬੈਲਟ ਪੇਪਰਾਂ ਵਿੱਚ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਵੋਟਾਂ ਪਾਈਆਂ ਗਈਆਂ ਸਨ। ਚੀਫ਼ ਜਸਟਿਸ ਨੇ ਅਨਿਲ ਮਸੀਹ ਨੂੰ ਕਿਹਾ ਕਿ ਉਹ ਦੱਸਣ ਕਿ ਬੈਲਟ ਪੇਪਰ ਕਿੱਥੇ ਖ਼ਰਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ 8 ਬੈਲਟ ਪੇਪਰਾਂ ਨੂੰ ਰੱਦ ਕੀਤਾ ਗਿਆ ਸੀ, ਉਨ੍ਹਾਂ ਵਿੱਚ ਅਧਿਕਾਰੀ ਨੇ ਥਾਂ-ਥਾਂ ਲਾਈਨ ਲਗਾ ਦਿੱਤੀ ਸੀ।
ਸੁਣਵਾਈ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਫਿਰ ਰਿਟਰਨਿੰਗ ਅਫਸਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸਿਰਫ ਇਕ ਛੋਟੀ ਜਿਹੀ ਬਿੰਦੀ ਸੀ। ਕੁਝ ਕਾਗਜ਼ ਫੋਲਡ ਹੋ ਗਏ ਸਨ, ਜਿਸ ਕਾਰਨ ਵੋਟਾਂ ਰੱਦ ਹੋ ਗਈਆਂ ਸਨ। ਉਹ ਕੈਮਰੇ ਵੱਲ ਉਹ ਇਸ ਕਰਕੇ ਦੇਖ ਰਿਹਾ ਸੀ ਤਾਂ ਜੋ ਪਤਾ ਲੱਗ ਸਕੇ ਕਿ ਉਹ ਕੰਮ ਕਰ ਰਿਹਾ ਹੈ ਜਾਂ ਨਹੀਂ।
ਸੁਣਵਾਈ ਦੌਰਾਨ ਅਦਾਲਤ ਵਿੱਚ ਮੌਜੂਦ ਸਾਰੇ ਜੱਜਾਂ ਅਤੇ ਵਕੀਲਾਂ ਨੇ ਚੋਣ ਗਿਣਤੀ ਦਾ ਵੀਡੀਓ ਦੇਖਿਆ। ਵੀਡੀਓ ਦੇਖਣ ਤੋਂ ਬਾਅਦ ਮੁਕੁਲ ਰੋਹਤਗੀ ਨੇ ਕਿਹਾ ਕਿ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਿਟਰਨਿੰਗ ਅਫਸਰ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਗਿਆ। ਕੁਝ ਬੈਲਟ ਪੇਪਰ ਖ਼ਰਾਬ ਹੋ ਗਏ ਸਨ, ਇਸ ਲਈ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਪਰ ਇਸ ਕਾਰਨ ਅਧਿਕਾਰੀ ਨੂੰ ਚੋਰ ਨਹੀਂ ਕਿਹਾ ਜਾ ਸਕਦਾ।
ਫਿਰ ਜਸਟਿਸ ਜੇ. ਬੀ. ਪਾਰਦੀਵਾਲਾ ਨੇ ਕਿਹਾ ਕਿ ਕੱਲ੍ਹ ਅਨਿਲ ਮਸੀਹ ਨੇ ਸਪੱਸ਼ਟ ਕੀਤਾ ਸੀ ਕਿ ਉਸ ਨੇ ਬੈਲਟ ਪੇਪਰਾਂ ’ਤੇ ਨਿਸ਼ਾਨ ਬਣਾਏ ਸਨ ਜੋ ਖਰਾਬ ਹੋ ਗਏ ਸਨ, ਇਹ ਦਲੀਲ ਸਹੀ ਨਹੀਂ ਜਾਪਦੀ। ਉਂਝ ਵੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਦੀ ਤਰਫੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਮੁੜ ਗਿਣਤੀ ਦੀ ਮੰਗ ਕਰਦੇ ਹਾਂ।
ਅਦਾਲਤ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਮਸੀਹ ਨੇ ਮੰਨਿਆ ਕਿ ਉਸ ਨੇ ਨਿਸ਼ਾਨ ਲਗਾਇਆ ਹੈ, ਅਜਿਹੀ ਸਥਿਤੀ ‘ਚ ਉਸ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਅਸੀਂ ਡਿਪਟੀ ਕਮਿਸ਼ਨਰ ਨੂੰ ਨਵਾਂ ਰਿਟਰਨਿੰਗ ਅਫ਼ਸਰ ਨਿਯੁਕਤ ਕਰਨ ਲਈ ਕਹਾਂਗੇ। ਅਸੀਂ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਇਸ ਦੀ ਨਿਗਰਾਨੀ ਕਰਨ ਲਈ ਕਹਾਂਗੇ।
