ਨਵੀਂ ਦਿੱਲੀ, 02 ਨਵੰਬਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (ਵੀਰਵਾਰ) ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਦਿੱਲੀ ਆਬਕਾਰੀ ਨੀਤੀ ’ਚ ਹੋਏ ਕਥਿਤ ਘਪਲੇ ਵਿੱਚ ਈ. ਡੀ. ਨੇ ਕੇਜਰੀਵਾਲ ਨੂੰ 2 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਨੂੰ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖ ਕੇ ਇਸ ਦੇ ਸੰਮਨ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਗੈਰ-ਕਾਨੂੰਨੀ ਦੱਸਿਆ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ।ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚਰਚਾ ਹੈ ਕਿ ਈ. ਡੀ. ਨੇ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਪਹਿਲਾਂ ਕਾਫੀ ਸਬੂਤ ਇਕੱਠੇ ਕਰ ਲਏ ਹਨ। ਇਸੇ ਮਾਮਲੇ ਵਿੱਚ ਜਾਂਚ ਏਜੰਸੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਪੇਸ਼ ਹੋਣ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਇੱਕ ਹੋਰ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ ਗਿਆ।
