ਚੰਡੀਗੜ੍ਹ, 08 ਨਵੰਬਰ। ਪੰਜਾਬ ‘ਚ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਰਾਤ 01:13 ਵਜੇ ਆਇਆ। ਇਸ ਦਾ ਕੇਂਦਰ ਰੂਪਨਗਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਲੋਕ ਸੁੱਤੇ ਪਏ ਸਨ, ਜਿਸ ਕਰਕੇ ਜਿਆਦਾਤਰ ਲੋਕਾਂ ਨੂੰ ਇਨ੍ਹਾਂ ਝਟਕਿਆਂ ਦਾ ਅਹਿਸਾਸ ਹੀ ਨਹੀਂ ਹੋਇਆ ਹੋਵੇਗਾ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਕਿ ਸੋਮਵਾਰ ਬਾਅਦ ਦੁਪਹਿਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਸੀ। ਪਿਛਲੇ ਸ਼ੁੱਕਰਵਾਰ ਨੂੰ ਹੀ ਨੇਪਾਲ ‘ਚ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ।
