ਨਵੀਂ ਦਿੱਲੀ, 04 ਨਵੰਬਰ। ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਦੇ ਨਾਲ-ਨਾਲ ਯੂਪੀ-ਬਿਹਾਰ ਵਿੱਚ ਵੀ ਭੂਚਾਲ ਦੇ ਝਟਕੇ ਲੱਗੇ।
ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਹ ਸੌਣ ਦੀ ਤਿਆਰੀ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਅਤੇ ਪੱਖੇ ਵੀ ਹਿੱਲਣ ਲੱਗੇ। ਕਰੀਬ ਇੱਕ ਮਿੰਟ ਤੱਕ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਾਤ 11:32 ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.4 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ ਅਤੇ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਡੂੰਘਾਈ ਸੀ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਦਿੱਲੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ 6.1 ਸੀ।
