ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀਰਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈਡੀ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਈਡੀ ਦੀ ਛੇ ਮੈਂਬਰੀ ਟੀਮ ਨੇ ਪਹਿਲਾਂ ਉਨ੍ਹਾਂ ਦੇ ਸਟਾਫ਼ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਕੋਲ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਸਰਚ ਵਾਰੰਟ ਹੈ। ਖ਼ਬਰ ਲਿਖੇ ਜਾਣ ਤੱਕ ਈਡੀ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕੇਜਰੀਵਾਲ ਸਰਕਾਰ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈਡੀ ਦੀ ਟੀਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਕੇਜਰੀਵਾਲ ਨੂੰ ਅੱਜ 9ਵਾਂ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਹੀ ਦਿੱਲੀ ਹਾਈਕੋਰਟ ਚਲੇ ਗਏ ਸਨ। ਹਾਈਕੋਰਟ ਨੇ ਇਸ ਮਾਮਲੇ ‘ਚ ਈਡੀ ਵਲੋਂ ਕੇਜਰੀਵਾਲ ਤੋਂ ਪੁੱਛਗਿੱਛ ਅਤੇ ਗ੍ਰਿਫਤਾਰ ਕਰਨ ‘ਤੇ ਕੋਈ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।
