ਚੰਡੀਗੜ੍ਹ, 15 ਫਰਵਰੀ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਵੀਰਵਾਰ ਸ਼ਾਮ ਨੂੰ ਚੰਡੀਗੜ੍ਹ ’ਚ ਕੇਂਦਰੀ ਮੰਤਰੀਆਂ ਨਾਲ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਇਸ ਗੱਲਬਾਤ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਸਹਿਮਤੀ ਬਣਨ ਦੀ ਉਮੀਦ ਜਤਾਈ ਜਾ ਰਹੀ ਹੈ। ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਸ ਦੌਰਾਨ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਣ ਅਤੇ ਟੋਲ ਫਰੀ ਕਰਨ ਦਾ ਵੀ ਐਲਾਨ ਕੀਤਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਆਦਿ ਸ਼ਹਿਰਾਂ ਵਿੱਚ ਰੇਲਾਂ ਰੋਕਣ ਦੀ ਯੋਜਨਾ ਬਣਾ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਦੀਆਂ ਸਾਰੀਆਂ ਮੁੱਖ ਸੜਕਾਂ ‘ਤੇ ਟੋਲ ਫ੍ਰੀ ਕੀਤਾ ਜਾਵੇਗਾ।
ਹੁਣ ਤੱਕ ਇਸ ਅੰਦੋਲਨ ਤੋਂ ਦੂਰ ਰਹੇ ਹਰਿਆਣਾ ਦੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਅੱਜ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਬੀਕੇਯੂ ਹਰਿਆਣਾ ਵੱਲੋਂ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
