ਮੁੰਬਈ, 14 ਅਪ੍ਰੈਲ: ਫਿਲਮ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਐਤਵਾਰ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਫਰਾਰ ਹੋ ਗਏ। ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਘਟਨਾ ਦੇ ਸਮੇਂ ਸਲਮਾਨ ਖਾਨ ਘਰ ‘ਚ ਹੀ ਸਨ।
ਪੁਲਿਸ ਮੁਤਾਬਕ ਐਤਵਾਰ ਸਵੇਰੇ ਕਰੀਬ 5 ਵਜੇ ਦੋ ਅਣਪਛਾਤੇ ਬਦਮਾਸ਼ ਬਾਂਦਰਾ ਵੈਸਟ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਦੋਪਹੀਆ ਵਾਹਨ ‘ਤੇ ਆਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਬਦਮਾਸ਼ਾਂ ਨੇ ਲਗਾਤਾਰ ਚਾਰ ਰਾਉਂਡ ਫਾਇਰ ਕੀਤੇ। ਘਟਨਾ ਦੀ ਸੂਚਨਾ ਮਿਲਦੇ ਹੀ ਬਾਂਦਰਾ ਪੁਲਿਸ ਸਟੇਸ਼ਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਸਲਮਾਨ ਖਾਨ ਦੇ ਘਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਸੀਸੀਟੀਵੀ ਕੈਮਰੇ ਰਾਹੀਂ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਸਲਮਾਨ ਖਾਨ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਲਾਰੇਂਸ ਬਿਸ਼ਨੋਈ ਗੈਂਗ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਨਾਮੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਇਕ ਟੈਲੀਵਿਜ਼ਨ ਇੰਟਰਵਿਊ ‘ਚ ਕਿਹਾ ਸੀ ਕਿ ਸਲਮਾਨ ਖਾਨ ਨੂੰ ਮਾਰਨਾ ਉਸਦੀ ਜ਼ਿੰਦਗੀ ਦਾ ਉਦੇਸ਼ ਹੈ।
ਬਿਸ਼ਨੋਈ ਦੀ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਸੀ ਅਤੇ ਸੁਰੱਖਿਆ ਵਧਾ ਦਿੱਤੀ ਸੀ। ਕੁਝ ਦਿਨ ਪਹਿਲਾਂ ਅਦਾਕਾਰ-ਗਾਇਕ ਗਿੱਪੀ ਗਰੇਵਾਲ ਦੀ ਕੈਨੇਡਾ ਸਥਿਤ ਰਿਹਾਇਸ਼ ‘ਤੇ ਵੀ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦਾ ਕਾਰਨ ਸਲਮਾਨ ਖਾਨ ਨਾਲ ਉਨ੍ਹਾਂ ਦੇ ਕਰੀਬੀ ਸਬੰਧ ਸਨ। ਹਾਲਾਂਕਿ ਸਲਮਾਨ ਖਾਨ ਨੂੰ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਪਰ ਅੱਜ ਉਨ੍ਹਾਂ ਦੀ ਰਿਹਾਇਸ਼ ਦੇ ਸਾਹਮਣੇ ਹੋਈ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।
