ਨਵੀਂ ਦਿੱਲੀ, 20 ਫਰਵਰੀ : ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣੀ ਸਹੂਲਤ ਅਨੁਸਾਰ ਬਿਆਨ ਬਦਲਦੀ ਰਹੀ ਹੈ।
ਪਾਰਟੀ ਦੇ ਬੁਲਾਰੇ ਪਵਨ ਖੇੜਾ ਨੇ ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਸਮਰਥਨ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਇਸਦੇ ਖਿਲਾਫ ਹੋ ਗਏ। 2014 ਤੋਂ ਪਹਿਲਾਂ ਭਾਜਪਾ ਐੱਮ. ਐੱਸ. ਪੀ. ਨੂੰ ਕਿਸਾਨਾਂ ਦਾ ਹੱਕ ਆਖਦੀ ਸੀ ਅਤੇ ਅੱਜ ਕਿਸਾਨਾਂ ਨੂੰ ਇਸ ਮੁੱਦੇ ’ਤੇ ਦਿੱਲੀ ਨਹੀਂ ਆਉਣ ਦਿੱਤਾ ਜਾ ਰਿਹਾ ਹੈ।
ਖੇੜਾ ਨੇ ਕਿਹਾ ਕਿ ਕਾਂਗਰਸ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੀ ਹੈ ਪਰ ਭਾਜਪਾ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ, ਪਰ ਇਨ੍ਹਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਹੁਣ ਫਿਰ ਜੇਕਰ ਕਿਸਾਨ ਦਿੱਲੀ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਗਿਆ ਹੈ। ਕਿਸਾਨਾਂ ਦੇ ਐਕਸ ਖਾਤੇ ਬੰਦ ਕਰ ਦਿੱਤੇ ਗਏ ਹਨ। ਮੀਡੀਆ ਨੂੰ ਉਨ੍ਹਾਂ ਦੀਆਂ ਖ਼ਬਰਾਂ ਦਿਖਾਉਣ ਤੋਂ ਰੋਕਿਆ ਗਿਆ ਹੈ।
ਵਰਨਣਯੋਗ ਹੈ ਕਿ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਐੱਮਐੱਸਪੀ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦਿੱਲੀ ਆ ਕੇ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੀਆਂ ਹਨ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦਾਂ ’ਤੇ ਰੋਕ ਦਿੱਤਾ ਹੈ। ਹਾਲਾਂਕਿ ਕੇਂਦਰ ਸਰਕਾਰ ਦੇ ਤਿੰਨ ਸੀਨੀਅਰ ਮੰਤਰੀਆਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਚਾਰ ਦੌਰ ਦੀ ਗੱਲਬਾਤ ਕੀਤੀ ਪਰ ਗੱਲਬਾਤ ਬੇਸਿੱਟਾ ਰਹੀ।
