ਨਵੀਂ ਦਿੱਲੀ, 24 ਫਰਵਰੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸ਼ਨੀਵਾਰ) ਅਨਾਜ ਭੰਡਾਰਨ ਯੋਜਨਾ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਦੇਸ਼ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਪਹਿਲ ਹੈ। ਇਸ ਮੌਕੇ ਪ੍ਰਧਾਨ ਮੰਤਰੀ ਕੁਝ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਅਨੁਸਾਰ, ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀ ਰਸਮ ਰਾਸ਼ਟਰੀ ਰਾਜਧਾਨੀ ਦੇ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿੱਚ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰ ਯੋਜਨਾ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਹ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੀਏਸੀਐੱਸ) ਵਿੱਚ ਸੰਚਾਲਿਤ ਕੀਤਾ ਜਾਵੇਗਾ।
ਪੀਐੱਮਓ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਇਸ ਪਹਿਲਕਦਮੀ ਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੀਏਸੀਐੱਸ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇਸ਼ ਭਰ ਵਿੱਚ 18,000 ਪੀਏਸੀਐੱਸ ਲਈ ਕੰਪਿਊਟਰੀਕਰਨ ਪ੍ਰੋਜੈਕਟ ਦਾ ਉਦਘਾਟਨ ਵੀ ਕਰਨਗੇ। ਇਹ ਪ੍ਰੋਜੈਕਟ ਸਰਕਾਰ ਦੇ ਸਹਿਕਾਰੀ ਖੁਸ਼ਹਾਲੀ ਦੇ ਵਿਜ਼ਨ ਦੇ ਅਨੁਸਾਰ ਹੈ। ਇਸਦਾ ਉਦੇਸ਼ ਸਹਿਕਾਰੀ ਖੇਤਰ ਨੂੰ ਨਵੀਂ ਊਰਜਾ ਪ੍ਰਦਾਨ ਕਰਨ ਦੇ ਨਾਲ-ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਨੂੰ 2,500 ਕਰੋੜ ਰੁਪਏ ਤੋਂ ਵੱਧ ਦੇ ਵਿੱਤੀ ਖਰਚੇ ਨਾਲ ਮਨਜ਼ੂਰੀ ਦਿੱਤੀ ਗਈ ਹੈ।
