ਚੰਡੀਗੜ੍ਹ, 02 ਅਕਤੂਬਰ। ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਸਬੰਧੀ ਰਾਜਪਾਲ ਨੇ ਪੁਲਿਸ ਡਾਇਰੈਕਟਰ ਜਨਰਲ ਤੋਂ ਜਵਾਬ ਮੰਗਿਆ ਹੈ। ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ 28 ਸਤੰਬਰ ਦੀ ਸਵੇਰ ਨੂੰ ਚੰਡੀਗੜ੍ਹ ਦੇ ਸੈਕਟਰ 5 ਤੋਂ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ ਐਸਆਈਟੀ ਨੇ ਉਨ੍ਹਾਂ ਨੂੰ 2015 ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਖਹਿਰਾ ‘ਤੇ ਇਕ ਨਸ਼ਾ ਤਸਕਰ ਦੀ ਮਦਦ ਕਰਨ ਦਾ ਦੋਸ਼ ਹੈ। ਖਹਿਰਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਹਨ।
ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਕਾਰਵਾਈ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕਾਂ ਦਾ ਦੋਸ਼ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੂੰ ਅਜਿਹੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ।
ਕਾਂਗਰਸੀ ਵਿਧਾਇਕਾਂ ਦੀ ਮੰਗ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੁਖਪਾਲ ਸਿੰਘ ਖਹਿਰਾ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਐੱਸਆਈਟੀ ਦੀ ਜਾਂਚ ਅਤੇ ਖਹਿਰਾ ਦੀ ਗ੍ਰਿਫਤਾਰੀ ਦੇ ਆਧਾਰ ਬਾਰੇ ਵੀ ਪੁੱਛਿਆ ਹੈ।
