ਚੇਨਈ, 01 ਅਕਤੂਬਰ। ਤਾਮਿਲਨਾਡੂ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਕ ਟੂਰਿਸਟ ਬੱਸ ਖਾਈ ਵਿੱਚ ਡਿੱਗ ਗਈ। ਇਸ ਬੱਸ ‘ਚ ਕਰੀਬ 55 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਲ ਹੀ ਕਈਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਯਾਤਰੀਆਂ ਨੂੰ ਲੈ ਕੇ ਕੁਨੂਰ ਤੋਂ ਤੇਨਕਸੀ ਜਾ ਰਹੀ ਸੀ। ਇਸ ਦੌਰਾਨ ਬੱਸ ਖਾਈ ਵਿੱਚ ਡਿੱਗ ਗਈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਜ਼ਿਆਦਾਤਰ ਜ਼ਖ਼ਮੀਆਂ ਨੂੰ ਕੋਇੰਬਟੂਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ।
ਮ੍ਰਿਤਕ ਤੇਨਕਾਸੀ ਜ਼ਿਲ੍ਹੇ ਦੇ ਕਦਾਯਾਮ ਦੇ ਰਹਿਣ ਵਾਲੇ ਸਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਘਰ ਪਰਤ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੈਰ ਸਪਾਟਾ ਮੰਤਰੀ ਕੇ. ਰਾਮਚੰਦਰਨ ਨੂੰ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਦਸੇ ਦੇ ਸਮੇਂ ਬੱਸ ਵਿੱਚ 55 ਯਾਤਰੀ ਸਵਾਰ ਸਨ। ਉਹ ਤੇਨਕਾਸੀ ਸਥਿਤ ਆਪਣੇ ਘਰ ਜਾ ਰਹੇ ਸਨ ਕਿ ਬੱਸ ਅਚਾਨਕ ਖਾਈ ਵਿੱਚ ਡਿੱਗ ਗਈ। ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਬਚਾਅ ਦਲ ਨੂੰ ਯਾਤਰੀਆਂ ਤੱਕ ਪਹੁੰਚਣ ਲਈ ਰੱਸੀਆਂ ਦੀ ਵਰਤੋਂ ਕਰਨੀ ਪਈ।
ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਮੋੜ ‘ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਢਲਾਨ ਤੋਂ ਹੇਠਾਂ ਡਿੱਗ ਗਈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
