ਨਵੀਂ ਦਿੱਲੀ, 16 ਮਾਰਚ । ਭਾਰਤ ਦਾ ਚੋਣ ਕਮਿਸ਼ਨ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੱਜ ਦੁਪਹਿਰ 3 ਵਜੇ ਦੇ ਕਰੀਬ ਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਆਮ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਦੇਸ਼ ਦੀਆਂ 543 ਲੋਕ ਸਭਾ ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਲਈ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਵਿਗਿਆਨ ਭਵਨ ‘ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ‘ਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਝ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਾਵੇਗਾ।
ਭਾਰਤੀ ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਦੀ ਪੂਰਵ ਸੰਧਿਆ ‘ਤੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ। ਤਿੰਨ ਮੈਂਬਰੀ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ (2) ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਸ਼ਾਮਲ ਹਨ। ਕਮਿਸ਼ਨ ਇਸ ਮੌਕੇ ‘ਤੇ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ, ਸਿੱਕਮ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਸਕਦਾ ਹੈ। ਵੋਟਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਉਸ ਤੋਂ ਪਹਿਲਾਂ ਨਵੀਂ ਲੋਕ ਸਭਾ ਬਣਾਈ ਜਾਣੀ ਹੈ। ਪਿਛਲੀ ਵਾਰ (2019) ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ 11 ਅਪ੍ਰੈਲ ਤੋਂ 19 ਮਈ ਦਰਮਿਆਨ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।
