ਨਵੀਂ ਦਿੱਲੀ, 18 ਅਕਤੂਬਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਚ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।
ਇੱਕ ਐਕਸ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਦੁਖਦਾਈ ਨੁਕਸਾਨ ਤੋਂ ਡੂੰਘਾ ਸਦਮਾ ਲੱਗਿਆ। ਪੀੜਤ ਪਰਿਵਾਰਾਂ ਨਾਲ ਸਾਡੀ ਦਿਲੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ। ਚੱਲ ਰਹੇ ਸੰਘਰਸ਼ ਵਿੱਚ ਆਮ ਨਾਗਰਿਕਾਂ ਦੀ ਮੌਤ ਗੰਭੀਰ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਹੈ। ਇਸ ਵਿੱਚ ਸ਼ਾਮਲ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।”
ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਗਾਜ਼ਾ ਦੇ ਅਲ-ਅਹਲੀ ਅਰਬ ਹਸਪਤਾਲ ‘ਤੇ ਹੋਏ ਹਮਲੇ ਤੋਂ ਪੂਰੀ ਦੁਨੀਆ ਸਦਮੇ ‘ਚ ਹੈ। ਇਸ ਹਮਲੇ ਵਿੱਚ ਸੈਂਕੜੇ ਬੇਕਸੂਰ ਲੋਕਾਂ ਦੀ ਜਾਨ ਜਾ ਚੁੱਕੀ ਹੈ। ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮੁਖੀ ਨੇ ਇਸ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਅਸਵੀਕਾਰਨਯੋਗ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
