ਨਵੀਂ ਦਿੱਲੀ, 02 ਜਨਵਰੀ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ਦੀ ਸ਼ੁਰੂਆਤ ਅੱਜ ਤੋਂ ਦੱਖਣੀ ਭਾਰਤ ਦੇ ਦੋ ਦਿਨਾਂ ਦੌਰੇ ਨਾਲ ਕਰਨਗੇ। ਪ੍ਰਧਾਨ ਮੰਤਰੀ 2 ਅਤੇ 3 ਜਨਵਰੀ ਨੂੰ ਤਾਮਿਲਨਾਡੂ, ਲਕਸ਼ਦੀਪ ਅਤੇ ਕੇਰਲ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।
ਸੋਮਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਲੇ ਦੋ ਦਿਨਾਂ ‘ਚ ਉਹ ਤਾਮਿਲਨਾਡੂ, ਲਕਸ਼ਦੀਪ ਅਤੇ ਕੇਰਲ ‘ਚ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮਾਂ ਦੀ ਸ਼ੁਰੂਆਤ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਤੋਂ ਹੋਵੇਗੀ, ਜਿੱਥੇ ਭਾਰਤੀਦਾਸਨ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਨਗੇ। ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।
ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ ਕਿ ਮੈਂ ਲਕਸ਼ਦੀਪ ਦੇ ਲੋਕਾਂ ਵਿਚਕਾਰ ਰਹਿਣ ਲਈ ਉਤਸੁਕ ਹਾਂ। 1150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਜਾਂ ਤਾਂ ਉਦਘਾਟਨ ਕੀਤਾ ਜਾਵੇਗਾ ਜਾਂ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਨ੍ਹਾਂ ਕੰਮਾਂ ਵਿੱਚ ਬਿਹਤਰ ਇੰਟਰਨੈੱਟ ਕੁਨੈਕਟੀਵਿਟੀ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ, ਸੂਰਜੀ ਊਰਜਾ, ਸਿਹਤ ਸੰਭਾਲ ਅਤੇ ਹੋਰ ਪ੍ਰੋਜੈਕਟ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
