ਹੁਸ਼ਿਆਰਪੁਰ, 30 ਸਤੰਬਰ (ਹਿ. ਸ.)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਡੇ ਵਲੋਂ ਕੀਤਾ ਗਿਆ ਖ਼ੂਨਦਾਨ ਕਈ ਅਨਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ, ਇਸ ਲਈ ਹਰ ਸਿਹਤਮੰਦ ਵਿਅਕਤੀ ਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ। ਉਹ ਸਤਨਾਮ ਹਸਪਤਾਲ ਹੁਸ਼ਿਆਰਪੁਰ ਵਿਚ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਕੈਂਪ ਦਾ ਉਦਘਾਟਨ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਦੇ ਸੰਤ ਜੀਵਨ ਸਿੰਘ ਵਲੋਂ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਨੌਜਵਾਨ ਖ਼ੂਨਦਾਨ ਕੈਂਪ ਵਰਗੇ ਆਯੋਜਨਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ, ਜੋ ਕਿ ਸਹੀ ਅਰਥਾਂ ਵਿਚ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਵਿਚ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਭਵਿੱਖ ਵਿਚ ਵੀ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
