ਹੁਸ਼ਿਆਰਪੁਰ, 18 ਦਸੰਬਰ (ਹਿ. ਸ.)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਿਸ ਲਈ ਜਿੱਥੇ ਸਰਕਾਰੀ ਕਾਲਜਾਂ ਵਿਚ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਉੱਥੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹ 90 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ‘ਬੀ ਬਲਾਕ’ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਸਾਡੇ ਜ਼ਿਲ੍ਹੇ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹੈ, ਜਿਥੋਂ ਦੇ ਵਿਦਿਆਰਥੀਆਂ ਨੇ ਪੂਰੀ ਦੁਨੀਆ ਵਿਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਇਮਾਰਤ ਦੀ ਸਾਂਭ-ਸੰਭਾਲ ਲਈ ਗੰਭੀਰ ਹੈ, ਇਸ ਲਈ ਇਸ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਜਿਥੇ ਇਮਾਰਤ ਦੀ ਸਾਂਭ-ਸੰਭਾਲ ਕੀਤੀ ਜਾ ਸਕੇ, ਉਥੇ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਇਸ ਵਿਚ ਸੁਧਾਰ ਕੀਤਾ ਜਾ ਸਕੇ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਬਹੁਤ ਵਧੀਆ ਕੰਮ ਕਰ ਰਿਹਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪੂਰੇ ਵਿਸ਼ਵ ਵਿਚ ਜ਼ਿਲ੍ਹੇ ਦਾ ਮਾਣ ਵਧਾਇਆ ਹੈ ਅਤੇ ਇਸ ਕਾਲਜ ਤੋਂ ਪੜ੍ਹਨ ਵਾਲੇ ਵਿਦਿਆਰਥੀ ਅੱਜ ਵੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਲਜ ਨੇ ਦੇਸ਼ ਨੂੰ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਵਰਗੇ ਅਰਥ ਸ਼ਾਸਤਰੀ, ਨੇਤਾ ਅਤੇ ਅਣਗਿਣਤ ਆਈ.ਏ.ਐੱਸ ਅਤੇ ਆਈ.ਪੀ.ਐੱਸ. ਅਧਿਕਾਰੀ ਦਿੱਤੇ ਹਨ, ਉਹ ਕਾਲਜ ਸਾਰੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
