ਜਲੰਧਰ, 20 ਦਸੰਬਰ (ਹਿ. ਸ.)
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸਥਾਨਕ ਸੈਕਰਡ ਹਾਰਟ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਹੈਲਥ ਕੇਅਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਸੈਕੰਡਰੀ ਹੈਲਥ ਕੇਅਰ ਕੇਂਦਰਾਂ ਨੂੰ ਆਧੁਨਿਕ ਬਣਾਉਣ ਲਈ ਮਿਸ਼ਨ ਸਿਹਤਮੰਦ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਸਰਕਾਰ ਵੱਲੋਂ 550 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਸਿਵਲ ਹਸਪਤਾਲਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵੱਲ ਵਿਸ਼ੇਸ਼ ਤਵਜੋਂ ਦਿੰਦਿਆਂ ਇਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ।
ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਮੂਹ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਕ੍ਰਿਸਮਿਸ ਦਾ ਤਿਉਹਾਰ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪ੍ਰਭੂ ਯਿਸੂ ਮਸੀਹ ਸੂਬੇ ਦੇ ਲੋਕਾਂ ਨੂੰ ਖੁਸ਼ੀਆਂ ਅਤੇ ਸਫ਼ਲਤਾਵਾਂ ਬਖਸ਼ਣ। ਉਨ੍ਹਾਂ ਲੋਕਾਂ ਲਈ ਮੈਡੀਕਲ ਕੈਂਪ ਲਗਾਉਣ ’ਤੇ ਸੈਕਰਡ ਹਾਰਟ ਹਸਪਤਾਲ ਦੇ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
