ਨਵਾਂਸ਼ਹਿਰ, 09 ਦਸੰਬਰ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਵਿਚ ਸੁਰੱਖਿਅਤ ਤੇ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ” ਤਹਿਤ ਹਾਈਰਿਸਕ ਗਰਭਵਤੀ ਔਰਤਾਂ ਦੇ ਉੱਚਿਤ ਇਲਾਜ ਪ੍ਰਬੰਧਨ ‘ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਵਿਖੇ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ” ਤਹਿਤ ਗਰਭਵਤੀ ਔਰਤਾਂ ਦੀ ਏ.ਐੱਨ.ਸੀ. ਜਾਂਚ ਤੇ ਲੋੜੀਂਦੇ ਮੈਡੀਕਲ ਟੈਸਟ ਕੀਤੇ ਗਏ। ਇਸ ਦੌਰਾਨ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਆਇਰਨ ਦੀਆਂ ਮੁਫਤ ਗੋਲੀਆਂ ਤੇ ਸਿਹਤ ਸਿੱਖਿਆ ਦੇ ਕੇ ਬਿਹਤਰ ਜੀਵਨਸ਼ੈਲੀ ਜਿਊਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਨੀਆ ਨੇ ਦੱਸਿਆ ਕਿ ਦੇਸ਼ ਵਿੱਚ ਹਰ ਸਾਲ ਅੰਦਾਜ਼ਨ 30 ਹਜ਼ਾਰ ਗਰਭਵਤੀ ਔਰਤਾਂ ਦੀ ਮੌਤ ਹੋ ਜਾਂਦੀ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਗਰਭਵਤੀ ਔਰਤਾਂ ਖ਼ਾਸ ਕਰਕੇ ਹਾਈਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਮਾਤਰੀ ਮੌਤ ਦਰ ਘਟਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਾਈਰਿਸਕ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਹੈ।
ਡਾ. ਸੋਨੀਆ ਨੇ ਦੱਸਿਆ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਅਭਿਆਨ ਦੇਸ਼ ਭਰ ਅੰਦਰ 9 ਜੂਨ 2016 ਨੂੰ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਸਮੂਹ ਸਰਕਾਰੀ ਸੰਸਥਾਵਾਂ ਵਿਖੇ ਮਹੀਨੇ ਦੀ ਹਰ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ ‘ਤੇ ਹਾਈਰਿਸਕ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਲੋੜਵੰਦ ਅਤੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੇ ਗਏ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਲੋੜਵੰਦ ਗਰਭਵਤੀ ਔਰਤਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
