ਜਲੰਧਰ, 28 ਸਤੰਬਰ (ਹਿ. ਸ.)
ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 51 ਉਮੀਦਵਾਰਾਂ ਦੀ ਰੋਜ਼ਗਾਰ ਲਈ ਮੌਕੇ ’ਤੇ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਮੇਲ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ., ਕਿਆਰਾ ਕੰਸਲਟੈਂਸੀ ਸਰਵਿਸਿਜ਼, ਟੈੱਕ ਇਨਫਰਾ ਸਲਿਊਸ਼ਨਜ਼ ਅਤੇ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 63 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 51 ਉਮੀਦਵਾਰ ਰੋਜ਼ਗਾਰ ਲਈ ਚੁਣੇ ਗਏ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ ਤਾਂ ਜੋ ਉਹ ਆਰਥਿਕ ਪੱਖੋਂ ਆਤਮ ਨਿਰਭਰ ਬਣ ਸਕਣ। ਨੌਜਵਾਨਾਂ ਨੂੰ ਡੀ.ਬੀ.ਈ.ਈ. ਵੱਲੋਂ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
