ਚੰਡੀਗੜ੍ਹ, 27 ਸਤੰਬਰ (ਹਿ. ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਇਕ ਹੋਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਬਠਿੰਡਾ ਅਦਾਲਤ ਨੇ ਧੋਖਾਧੜੀ ਦੇ ਮਾਮਲੇ ’ਚ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸੇ ਦੌਰਾਨ ਮੰਗਲਵਾਰ ਰਾਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਰਾਜਸਥਾਨ ਦੇ ਗੰਗਾਨਗਰ, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਛਾਪੇਮਾਰੀ ਕੀਤੀ ਪਰ ਉਹ ਕਿਤੇ ਵੀ ਨਹੀਂ ਮਿਲੇ।
ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖਿਲਾਫ ਇਕ ਹੋਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਗ੍ਰਾਂਟਾਂ ਦੀ ਦੁਰਵਰਤੋਂ ਦੇ ਦੋਸ਼ਾਂ ਕਾਰਨ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
