ਸ੍ਰੀ ਅਨੰਦਪੁਰ ਸਾਹਿਬ, 02 ਅਕਤੂਬਰ (ਹਿ. ਸ.)। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਬੀਕਾਪੁਰ ਅੱਪਰ ਅਤੇ ਕਲੋਤਾ ਦਾ ਦੌਰਾ ਕਰਨ ਉਪਰੰਤ ਇਨ੍ਹਾਂ ਪਿੰਡਾਂ ਵਿਚ ਲੋੜੀਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਢੁਕਵਾ ਮਾਹੋਲ ਸਿਰਜਣ ਦੇ ਨਾਲ ਨਾਲ ਵਿਕਾਸ ਕਾਰਜਾਂ ਲਈ ਗ੍ਰਾਟ ਦੇਣ ਦਾ ਐਲਾਨ ਕੀਤਾ।
ਪਿੰਡ ਬੀਕਾਪੁਰ ਤੇ ਕਲੋਤਾ ਦਾ ਦੌਰਾ ਕਰਨ ਮੌਕੇ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ’ਤੇ ਲੋੜੀਦੀਆਂ ਸਹੂਲਤਾਂ ਮੁਹੱਇਆ ਕਰਵਾਉਣ ਦੀ ਮੰਗ ਕੈਬਨਿਟ ਮੰਤਰੀ ਅੱਗੇ ਰੱਖੀ ਗਈ,ਜਿਸ ਤੇ ਉਨ੍ਹਾਂ ਨੇ ਕਿਹਾ ਕਿ ਬੀ.ਬੀ.ਐਮ.ਬੀ ਦੇ ਖਾਲੇ ਦੀ ਮੁਰੰਮਤ ਤੇ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਵਿਆਹ/ਸ਼ਾਦੀਆਂ ਲਈ ਇਮਾਰਤ ਦੀ ਉਸਾਰੀ ਵਾਸਤੇ 5 ਲੱਖ ਰੁਪਏ ਦੀ ਗ੍ਰਾਟ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਨਜਾਇਜ ਕਬਜੇ ਦੂਰ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਿਸੇਸ਼ ਉਪਰਾਲੇ ਕਰ ਰਹੀ ਹੈ, ਕਬੱਡੀ ਖਿਡਾਰੀਆਂ ਨੂੰ ਮੈਟ ਉਪਲੱਬਧ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਬੀਕਾਪੁਰ ਅੱਪਰ ਦੇ ਸਰਕਾਰੀ ਸਕੂਲ ਦੀ ਨੁਹਾਰ ਬਦਲਣ ਲਈ ਫੰਡ ਜਾਰੀ ਕੀਤੇ ਜਾਣਗੇ। ਬੀਕਾਪੁਰ ਤੇ ਕਲੋਤਾ ਦੀਆਂ ਗਲੀਆਂ ਨਾਲੀਆਂ ਤੋ ਇਲਾਵਾ ਇਨ੍ਹਾਂ ਪਿੰਡਾਂ ਨੂੰ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਕਰਵਾਇਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
