
ਅੰਮ੍ਰਿਤਸਰ, 26 ਸਤੰਬਰ (ਹਿ. ਸ.)। ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ।
ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ।
ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ।
ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ।
ਰਾਜਸਥਾਨ ਵੱਲੋਂ ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਜਲ ਭੰਡਾਰ ਦਾ ਪੱਧਰ ਬਰਕਰਾਰ ਰੱਖਣ ਦੀ ਕੀਤੀ ਜਾ ਰਹੀ ਮੰਗ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਤੌਰ ਉਤੇ ਜਦੋਂ ਇਹ ਦੋਵੇਂ ਡੈਮਾਂ ਦਾ ਡਿਜ਼ਾਈਨ ਤਿਆਰ ਕੀਤਾ ਗਿਆ ਸੀ ਤਾਂ ਉਸ ਵੇਲੇ ਭਾਖੜਾ ਡੈਮ ਦੀ ਅਸਲ ਉਚਾਈ 1685 ਫੁੱਟ ਸੀ ਅਤੇ ਪੌਂਗ ਡੈਮ ਦੀ ਉਚਾਈ 1400 ਫੁੱਟ ਸੀ। ਉਨ੍ਹਾਂ ਕਿਹਾ ਕਿ ਸਾਲ 1988 ਦੇ ਸਮੇਂ ਦੌਰਾਨ ਪੰਜਾਬ ਨੇ ਕਈ ਵਾਰ ਹੜ੍ਹਾਂ ਦਾ ਸਾਹਮਣਾ ਕੀਤਾ ਅਤੇ ਉਸ ਤੋਂ ਬਾਅਦ ਭਾਰਤ ਸਰਕਾਰ ਅਤੇ ਸੀ.ਡਬਲਿਊ.ਸੀ. ਨੇ ਇਕ ਫੈਸਲਾ ਲਿਆ ਅਤੇ ਭਾਖੜਾ ਅਤੇ ਪੌਂਗ ਡੈਮਾਂ ਦਾ ਐਫ.ਆਰ.ਐਲ. ਦਾ ਪੱਧਰ ਕ੍ਰਮਵਾਰ 5 ਫੁੱਟ ਅਤੇ 10 ਫੁੱਟ ਘਟਾ ਦਿੱਤਾ ਗਿਆ।
ਹਿਮਾਚਲ ਪ੍ਰਦੇਸ਼ ਵੱਲੋਂ ਚੱਕੀ ਦਰਿਆ ਦੇ ਪਾਣੀ ਨੂੰ ਮੋੜਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਚੱਕੀ ਦਰਿਆ ਵਿੱਚੋਂ ਕਰੀਬ 127 ਕਿਊਸਿਕ ਪਾਣੀ ਹਿਮਾਚਲ ਪ੍ਰਦੇਸ਼ ਵਿੱਚ ਲਿਜਾਣ ਲਈ ਨਹਿਰ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਚੱਕੀ ਦਰਿਆ ਦੇ ਪਾਣੀ ਨੂੰ ਪੰਜਾਬ ਦੇ ਪਹਾੜੀ ਖੇਤਰਾਂ ਵਿੱਚ ਦੂਰ-ਦੁਰਾਡੇ ਸਥਿਤ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਜੋਂ ਦੇਣ ਲਈ 7 ਸਕੀਮਾਂ ਚਲਾਈਆਂ ਹਨ।
ਪੇਂਡੂ ਵਿਕਾਸ ਫੰਡ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਫੰਡ ਲੰਮੇ ਸਮੇਂ ਤੋਂ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੇ ਕੀਤੇ ਸਾਰੇ ਸ਼ੱਕ-ਸੰਦੇਹ ਦੂਰ ਕਰ ਦਿੱਤੇ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਨੇ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨਾਲ ਵੀ ਇਸ ਮਸਲੇ ਉਤੇ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਪਰ ਅਜੇ ਤੱਕ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ 5637.4 ਕਰੋੜ ਰੁਪਏ ਤੋਂ ਵੱਧ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ।
ਸਮੂਹ ਧਿਰਾਂ ਨੂੰ ਸੰਵਿਧਾਨ ਅਨੁਸਾਰ ਮੌਜੂਦਾ ਸੰਤੁਲਨ ਨੂੰ ਹਰ ਹਾਲ ਵਿੱਚ ਕਾਇਮ ਰੱਖਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੰਤੁਲਨ ਬਣਾਈ ਰੱਖਣ ਲਈ ਪਹਿਲਾਂ ਹੀ ਪ੍ਰਵਾਨ ਕੀਤੇ ਮਸਲਿਆਂ ਨਾਲ ਬਿਨਾਂ ਵਜ੍ਹਾ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਪੰਜਾਬ ਵਾਸੀਆਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰ ਲਿਆ ਜਾਵੇਗਾ। ਆਖ਼ਰ ਵਿੱਚ ਭਗਵੰਤ ਸਿੰਘ ਮਾਨ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਇਕ ਵਾਰ ਫਿਰ ਦੁਹਰਾਇਆ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
