ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਹਿ. ਸ.)। ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਯੂਨਾਈਟਿਡ ਨੇਸ਼ਨ ਵੱਲੋਂ ਏ-ਗਰੇਡ ਮਿਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਕੇਸਾਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਆਪਣੀਆਂ ਟੀਮਾਂ ਹਨ ਅਤੇ ਕਮਿਸ਼ਨ ਦੇ 12 ਹੋਰ ਮੋਨੀਟਰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੇਸਾਂ ਦੀ ਨਿਗਰਾਨੀ ਕਰਦੇ ਹਨ।
ਗੋਇਲ ਨੇ ਕਿਹਾ ਕਿ ਅਕਸਰ ਪਬਲਿਕ ਡੀਲਿੰਗ ਵਾਲੇ ਸਰਕਾਰੀ ਅਦਾਰਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਜਾਂਦੀ ਹੈ ਜੋ ਕਿ ਜਾਗਰੂਕਤਾ ਦੀ ਘਾਟ ਕਾਰਨ ਵੀ ਹੋ ਸਕਦੀ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਨਾਗਰਿਕ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਦੇ ਹੱਕਾਂ ਦੀ ਉਲੰਘਣਾ ਨਾ ਹੋ ਸਕੇ।
ਬਾਲ ਕ੍ਰਿਸ਼ਨ ਗੋਇਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅੰਦਰ ਆਉਣ ਵਾਲੇ ਮਰੀਜਾਂ ਲਈ ਸਾਫ-ਸਫਾਈ, ਸਾਫ-ਸੁਥਰੇ ਪਖਾਨੇ, ਪੀਣ ਵਾਲਾ ਸਾਫ-ਸੁਥਰਾ ਪਾਣੀ ਅਤੇ ਬੈਠਣ ਲਈ ਢੁਕਵੀਂ ਥਾਂ ਹੋਣੀ ਜ਼ਰੂਰੀ ਹੈ, ਇਸੇ ਤਰ੍ਹਾਂ ਸਕੂਲਾਂ ਅੰਦਰ ਵੀ ਬੱਚਿਆਂ ਲਈ ਅਜਿਹੀਆਂ ਬੁਨਿਆਦੀ ਲੋੜਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਓਲਡ ਏਜ਼ ਹੋਮ ਵਿੱਚ ਰਹਿ ਰਹੇ ਬਜੁਰਗਾਂ ਦੀ ਨਿਰੰਤਰ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਉਪਲੱਬਧ ਕਰਵਾਉਣ ਤੇ ਜੋਰ ਵੀ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਬਾਲ ਮਜਦੂਰੀ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਸਹਿਯੋਗ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਖਤੀ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
