ਮਲੇਰਕੋਟਲਾ, 01 ਅਕਤੂਬਰ (ਹਿ. ਸ.)। ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਮਲੇਰਕੋਟਲਾ ਹਰਬੰਸ ਸਿੰਘ ਦੀ ਅਗਵਾਈ ਹੇਠ ਪਿੰਡ ਮਾਣਕਮਾਜਰਾ ਵਿਖੇ ਖੇਤੀਬਾੜੀ ਵਿਭਾਗ ਬਲਾਕ ਮਾਲੇਰਕੋਟਲਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।
ਇਸ ਕੈਂਪ ਵਿਚ ਉਚੇਚੇ ਤੌਰ ’ਤੇ ਪਹੁੰਚੇ ਐਸ.ਡੀ.ਐਮ ਹਰਬੰਸ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਸਹੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਉਸ ਦਾ ਮਸ਼ੀਨਰੀ ਨਾਲ ਖੇਤਾਂ ਵਿਚ ਹੀ ਸਹੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਖੇਤ ਵਿਚ ਪਈ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਆਮ ਤੌਰ ‘ਤੇ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਹੋਰ ਜੀਵ-ਜੰਤੂਆਂ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ ਉਨ੍ਹਾਂ ਕਿਹਾ, ਕਿ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਮਾੜੇ ਪ੍ਰਭਾਵ ਸਾਹਮਣੇ ਆ ਰਹੇ ਹਨ ਅਤੇ ਆਪਣੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਾਰਿਆਂ ਨੂੰ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸੀ.ਆਰ.ਐਮ.ਸਕੀਮ ਤਹਿਤ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਵੱਖ-ਵੱਖ ਮਸ਼ੀਨਰੀ ਉੱਪਰ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਉਪਜਾਊ ਤੱਤ ਨਸ਼ਟ ਹੋਣੇ, ਜ਼ਮੀਨ ਦੇ ਮਿੱਤਰ ਕੀੜੇ ਖ਼ਤਮ ਹੋਣ, ਵਾਤਾਵਰਣ ਦੂਸ਼ਿਤ ਹੋਣਾ, ਸਾਹ ਲੈਣ ਦੀਆਂ ਬਿਮਾਰੀਆਂ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
