ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਹਿ. ਸ.)। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਯਾਦ ਵਿੱਚ 14 ਜਨਵਰੀ ਤੋਂ ਮੁਕਤਸਰ ਵਿੱਚ ਮਾਘੀ ਦਾ ਮੇਲਾ ਸ਼ੁਰੂ ਹੋ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਮਾਘੀ ਜੋੜ ਮੇਲੇ ‘ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹਨ, ਜੋ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਇਲਾਵਾ ਧਾਰਮਿਕ ਸਮਾਗਮਾਂ ਵਿਚ ਹਿੱਸਾ ਲੈ ਰਹੀਆਂ ਹਨ।
ਸੰਗਤਾਂ ਅੱਧੀ ਰਾਤ ਤੋਂ ਹੀ ਕੜਾਕੇ ਦੀ ਠੰਡ ਦੇ ਬਾਵਜੂਦ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸਹੂਲਤ ਲਈ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਕੀਤੇ ਗਏ ਹਨ। ਉਥੇ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ‘ਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਵਲੋਂ ਸੰਗਤ ਲਈ ਲੰਗਰ ਲਾਏ ਗਏ ਹਨ। ਮੇਲੇ ਦੀ ਸਮਾਪਤੀ 15 ਜਨਵਰੀ ਨੂੰ ਰਵਾਇਤੀ ਨਗਰ ਕੀਰਤਨ ਨਾਲ ਹੋਵੇਗੀ। ਦੂਰੋਂ-ਦੂਰੋਂ ਲੱਖਾਂ ਲੋਕ ਪੂਰੀ ਸ਼ਰਧਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
