ਹੁਸ਼ਿਆਰਪੁਰ, 18 ਦਸੰਬਰ (ਹਿ. ਸ.)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਹ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬਾਗਪੁਰ ਦੇ ਸਾਲਾਨਾ ਇਨਾਮ ਵੰਡ ਅਤੇ ਵਰਦੀ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੰਜੀਵ ਗੌਤਮ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਨੂੰ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ, ਖਾਸ ਕਰਕੇ ਗਰੀਬ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਸੂਬੇ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਅੱਜ ਸਾਲਾਨਾ ਸਮਾਗਮ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਕਾਸ ਵਿਚ ਦਾਨੀ ਸੱਜਣਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਦਾਨੀ ਸੱਜਣਾਂ ਨੇ ਸਕੂਲ ਦੇ ਵਿਕਾਸ ਲਈ 35 ਲੱਖ ਰੁਪਏ ਦੇ ਕਰੀਬ ਦਾਨ ਦਿੱਤਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਮੁੱਖ ਮਹਿਮਾਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਸਮਾਜ ਸੇਵੀਆਂ ਅਤੇ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
