ਚੰਡੀਗੜ੍ਹ, 25 ਸਤੰਬਰ (ਹਿ. ਸ.)। ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਸਮੇਤ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਐਤਵਾਰ ਨੂੰ ਵਿਜੀਲੈਂਸ ਟੀਮ ਨੇ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਇਸ ਮਾਮਲੇ ਵਿੱਚ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਮੁਤਾਬਕ ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਵੱਡਾ ਖੁਲਾਸਾ ਕਰ ਸਕਦੇ ਹਨ। ਨਾਮਜ਼ਦ ਮੁਲਜ਼ਮਾਂ ਵਿੱਚ ਮਨਪ੍ਰੀਤ ਬਾਦਲ, ਵਿਕਾਸ ਕੁਮਾਰ, ਪੰਕਜ, ਸ਼ੇਰਗਿੱਲ, ਰਾਜੀਵ ਕੁਮਾਰ ਅਤੇ ਅਮਨਦੀਪ ਦੇ ਨਾਂਅ ਸ਼ਾਮਲ ਹਨ।
ਜਿਕਰਯੋਗ ਹੈ ਕਿ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਮਾਡਲ ਟਾਊਨ ਵਿੱਚ ਮਹਿੰਗੇ ਪਲਾਟ ਘੱਟ ਭਾਅ ’ਤੇ ਖਰੀਦਣ ਦੀ ਸ਼ਿਕਾਇਤ ਵਿਜੀਲੈਂਸ ਤੇ ਲੋਕਪਾਲ ਨੂੰ ਦਿੱਤੀ ਸੀ। ਵਿਜੀਲੈਂਸ ਇਸ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਸਿੰਗਲਾ ਦੀ ਸ਼ਿਕਾਇਤ ਲੋਕਪਾਲ ਨੇ ਰੱਦ ਕਰ ਦਿੱਤੀ ਸੀ। ਹਾਲ ਹੀ ਵਿੱਚ ਮਨਪ੍ਰੀਤ ਬਾਦਲ ਨੇ ਆਪਣੀ ਗ੍ਰਿਫਤਾਰੀ ਦੇ ਡਰੋਂ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਸ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਅਦਾਲਤ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।
ਸੂਤਰਾਂ ਅਨੁਸਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕਰੀਬੀ ਸਾਥੀ ਰਾਜੀਵ ਕੁਮਾਰ ਅਤੇ ਇੱਕ ਹੋਰ ਵਿਅਕਤੀ ਦੇ ਨਾਂ ’ਤੇ ਮਾਡਲ ਟਾਊਨ ਫੇਜ਼ 1 ਵਿੱਚ ਇੱਕ ਮਹਿੰਗਾ ਪਲਾਟ ਸਸਤੇ ਭਾਅ ’ਤੇ ਖਰੀਦਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ। ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਅਤੇ ਲੋਕਪਾਲ ਨੂੰ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਅਦਾਲਤੀ ਨੋਟਿਸ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਤੇਜ਼ੀ ਨਾਲ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਐਤਵਾਰ ਸ਼ਾਮ ਨੂੰ ਇਕ ਟੀਮ ਨੇ ਸਿਵਲ ਲਾਈਨਜ਼ ਕਲੱਬ ਵਿਖੇ ਮੀਟਿੰਗ ਕਰਨ ਆਏ ਰਾਜੀਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਨੇ ਅਮਨਦੀਪ ਨੂੰ ਵੀ ਇੱਕ ਹੋਰ ਥਾਂ ਤੋਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਰਾਜੀਵ ਅਤੇ ਅਮਨ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਬੀਡੀਏ ਦੇ ਸੁਪਰਡੈਂਟ ਪੰਕਜ, ਵਿਕਾਸ ਕੁਮਾਰ, ਮਨਪ੍ਰੀਤ ਬਾਦਲ ਅਤੇ ਸ਼ੇਰਗਿੱਲ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
