ਖੰਨਾ, 13 ਅਕਤੂਬਰ (ਹਿ. ਸ.)। ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਅਸਾਮੀਆਂ ਕੱਢ ਰਹੀ ਹੈ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਉਪਰੰਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਇੰਪਰੂਵਮੈਂਟ ਟਰੱਸਟ ਖੰਨਾ ਵਿਖੇ ਆਯੋਜਿਤ ਸਮਾਗਮ ਦੋਰਾਨ 24 ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ (18 ਆਂਗਣਵਾੜੀ ਹੈਲਪਰਾਂ, 04 ਆਂਗਣਵਾੜੀ ਵਰਕਰਾਂ ਨਵ ਨਿਯੁਕਤ ਅਤੇ 02 ਪ੍ਰਮੋਟ ਆਂਗਨਵਾੜੀ ਵਰਕਰਾਂ) ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀ. ਡੀ. ਪੀ. ਓ. ਸਰਬਜੀਤ ਕੌਰ, ਕਿਰਨ ਬਾਲਾ, ਪ੍ਰੀਤੀ ਅਤੇ ਆਰੁਸ਼ੀ ਗੋਇਲ (ਤਿੰਨੋਂ ਸੁਪਰਵਾਈਜ਼ਰ), ਬਲਾਕ ਕੋਆਰਡੀਨੇਟਰ ਭੁਪਿੰਦਰ ਕੁਮਾਰ ਵੀ ਹਾਜ਼ਰ ਸਨ।
ਵਿਧਾਇਕ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦਿਨ ਪ੍ਰਤੀਦਿਨ ਨਵੀਆਂ ਪੁਲਾਘਾਂ ਪੁੱਟਦੀ ਜਾ ਰਹੀ ਹੈ। ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਰ ਇਕ ਵਿਭਾਗ ’ਚ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਨਾਲ ਦੀ ਨਾਲ ਭਰੀਆਂ ਵੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਨਵੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਉੱਥੇ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਵੀ ਪੱਕਾ ਕੀਤਾ ਹੈ, ਜਿਨ੍ਹਾਂ ’ਚ 12700 ਕਰੀਬ ਕੱਚੇ ਅਧਿਆਪਕ ਹਾਲ ਹੀ ’ਚ ਪੱਕੇ ਕੀਤੇ ਗਏ ਹਨ।
ਵਿਧਾਇਕ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ ਅਤੇ ਕਿਸੇ ਨਾਲ ਭੇਦਭਾਵ ਨਾ ਕਰਦਿਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ’ਤੇ ਹੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ ਦਿੱਤੇ ਜਾ ਰਹੇ ਹਨ। ਹੁਣ ਤੱਕ ਪੰਜਾਬ ਸਰਕਾਰ ਵਲੋਂ 37 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੌਜੂਦ ਹੈਲਪਰਾਂ ਅਤੇ ਵਰਕਰਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਉਹ ਦਿਲ ਲਗਾ ਕੇ ਡਿਊਟੀ ਕਰਨ ਅਤੇ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਤੇ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਣ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
