ਖੰਨਾ, 25 ਦਸੰਬਰ (ਹਿ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਖੰਨਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮੀਤ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ਸ਼ਰਧਾਲੂਆਂ ਦੀ ਦੂਜੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਕਿੱਟਾਂ ਵੀ ਭੇਟ ਕੀਤੀਆਂ ਗਈਆਂ।
ਇਸ ਮੌਕੇ ਵਿਧਾਇਕ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਦੇਸ਼ ਭਰ ਦੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦੀ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਸੌਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ. ਸੀ. ਬੱਸਾਂ ਰਾਹੀਂ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ।
ਵਿਧਾਇਕ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਦੋ ਸਾਲ ਤੋਂ ਵੀ ਘੱਟ ਸਮਾਂ ਬੀਤਿਆ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਪਲ ਵੀ ਬਰਬਾਦ ਕੀਤੇ ਬਿਨਾਂ ਸੂਬੇ ਦੇ ਲੋਕਾਂ ਨਾਲ ਚੋਣਾਂ ’ਚ ਕੀਤੇ ਸਾਰੇ ਵਾਅਦੇ ਪੂਰੇ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਜੋ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿਧਾਇਕ ਸੌਂਦ ਨੇ ਕਿਹਾ ਕਿ ਜਲਦੀ ਹੀ ਰਾਜਸਥਾਨ ਦੇ ਸ੍ਰੀ ਖਾਟੂ ਸ਼ਿਆਮ ਜੀ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਵੀ ਬੱਸ ਭੇਜੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
