ਫਤਿਹਗੜ੍ਹ ਸਾਹਿਬ, 06 ਦਸੰਬਰ (ਹਿ. ਸ.)। ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਚੈਕਿੰਗ ਦੌਰਾਨ ਉਨ੍ਹਾਂ ਹਸਪਤਾਲ ਦੀ ਓਪੀਡੀ, ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ ਆਦਿ ਦਾ ਨਿਰੀਖਣ ਕੀਤਾ। ਉਨ੍ਹਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ।
ਸਿਵਲ ਸਰਜਨ ਨੇ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੈਦੀਪ ਚਾਹਲ ਨੂੰ ਹਸਪਤਾਲ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲੱਬਧ ਕਰਾਉਣ ਲਈ ਵੀ ਕਿਹਾ। ਉਨ੍ਹਾਂ ਸੰਸਥਾਗਤ ਜਣੇਪੇ ਵਿੱਚ ਵਾਧੇ ’ਤੇ ਤਸੱਲੀ ਪ੍ਰਗਟ ਕਰਦਿਆਂ ਇਸ ਨੂੰ ਹੋਰ ਵਧਾਉਣ ’ਤੇ ਜ਼ੋਰ ਦੇਣ ਲਈ ਕਿਹਾ।
ਡਾਕਟਰ ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲੱਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
