ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਿ. ਸ.)। ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵਲੋਂ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ।ਇਸ ਮੁਹਿੰਮ ਦੀ ਸ਼ੁਰੂਆਤ ਡਾ.ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾ ਕਿਹਾ ਕਿ ਹਰ ਸਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਸਵੱਛਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧ ਵਿਚ ਜਿਲ੍ਹਾ ਸਿਹਤ ਵਿਭਾਗ ਵਲੋਂ ਸਵੱਛਤਾ ਮਹਿੰਮ 25 ਸਤੰਬਰ 2023 ਤੋਂ 09 ਅਕਤੂਬਰ 2023 ਤੱਕ ਚਲਾਈ ਜਾ ਰਹੀ ਹੈ। ਇਸ ਦੌਰਾਨ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਇਹ ਮੁਹਿੰਮ ਚਲਾ ਕੇ ਵਿਸ਼ੇਸ਼ ਸਫਾਈ ਕਰਵਾਈ ਜਾ ਰਹੀ ਹੈ ਜਿਸ ਅਧੀਨ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕੀਤੀ ਜਾਵੇਗੀ ਅਤੇ ਕਬਾੜ ਆਦਿ ਨੂੰ ਨਸ਼ਟ ਕੀਤਾ ਜਾਵੇਗਾ।
ਉਨ੍ਹਾ ਕਿਹਾ ਕਿ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ।ਸਿਹਤ ਸੰਸਥਾਵਾਂ ਦੀ ਸਾਫ ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿਚ ਵਿਸ਼ਵਾਸ ਵੱਧਦਾ ਹੈ ਅਤੇ ਵਧੀਆ ਮਹੌਲ ਵਿਚ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਵੱਛਤਾ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ਦੀ, ਦਫਤਰਾਂ ਦੀ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਚ ਸਾਰੀਆਂ ਬਰਾਚਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਸਫਾਈ ਕੀਤੀ ਗਈ ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
