ਸੁਲਤਾਨਪੁਰ ਲੋਧੀ, 23 ਦਸੰਬਰ (ਹਿ. ਸ.)। ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਇੱਕ ਅਹਿਮ ਮੀਟਿੰਗ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ। ਜਿਸ ਦੀ ਪ੍ਰਧਾਨਗੀ ਟਰੱਸਟ ਦੇ ਪ੍ਰਧਾਨ ਪ੍ਰੋ. ਚਰਨ ਸਿੰਘ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਐਡ ਰਜਿੰਦਰ ਸਿੰਘ ਰਾਣਾ, ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਸਾਹਿਤ ਸਭਾ ਡਾ ਸਵਰਨ ਸਿੰਘ ਆਦਿ ਨੇ ਸਾਂਝੇ ਤੌਰ ਤੇ ਕੀਤੀ।
ਇਸ ਮੀਟਿੰਗ ਦੌਰਾਨ ਇੱਕ ਸਾਂਝੇ ਬਿਆਨ ’ਚ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ ਸਾਢੇ 10 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਰਪੂਰ ਮਨਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਇਸ ਦੌਰਾਨ ਵੱਖ-ਵੱਖ ਸਮਾਜ ਸੇਵੀ ਜੱਥੇਬੰਦੀਆਂ, ਰਾਜਨੀਤਕ ਪਾਰਟੀਆਂ, ਧਾਰਮਿਕ ਸਖਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
