ਹੁਸ਼ਿਆਰਪੁਰ, 02 ਅਕਤੂਬਰ (ਹਿ. ਸ.)। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਜੇ.ਐਮ.ਆਈ.ਸੀ ਅਤੇ ਡਿਊਟੀ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਵੇਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸਫ਼ਾਈ ਅਭਿਆਨ ਚਲਾ ਕੇ ਸ਼੍ਰਮਦਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਗੰਦਗੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਅਤੇ ਰੀਡਿਊਸ, ਰੀਯੂਜ਼ ਅਤੇ ਰੀਸਾਈਕਲ ਪ੍ਰੋਗਰਾਮ ਵੀ ਲਾਗੂ ਕੀਤਾ। ਇਸ ਨਾਲ ਅਦਾਲਤਾਂ ਦੇ ਅੰਦਰ ਮੁੜ ਵਰਤੋਂ ਯੋਗ ਸਮੱਗਰੀ ਦੀ ਵਰਤੋਂ ਕਰਕੇ ਘੱਟ ਤੋਂ ਘੱਟ ਕੂੜਾ ਪੈਦਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹੋਰ ਗਤੀਵਿਧੀਆਂ ਜਿਵੇਂ ਗਿੱਲਾ ਅਤੇ ਸੁੱਕਾ ਕੂੜਾ, ਡਸਟਬਿਨ ਸਿਸਟਮ, ਜ਼ੀਰੋ ਵੇਸਟ, ਲਾਲ ਅਤੇ ਪੀਲੇ ਸਪਾਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਨੂੰ ਗਾਰਬੇਜ ਫਰੀ ਇੰਡੀਆ ਥੀਮ ਤਹਿਤ ਆਪਣੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਘਰ-ਘਰ ਜਾ ਕੇ ਆਮ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਵੀ ਹਾਜ਼ਰ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
