ਲੁਧਿਆਣਾ, 28 ਫਰਵਰੀ । ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19 ਵਿੱਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ।
ਵਿਧਾਇਕ ਗਰੇਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨੀਰੀਖਣ ਕਰਦਿਆਂ, ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਨਗਰ ਨਿਗਮ, ਪਾਵਰਕਾਮ, ਸਿਹਤ ਵਿਭਾਗ, ਮਾਲ ਵਿਭਾਗ ਤੋ ਇਲਾਵਾ ਹੋਰਨਾਂ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਹੂਲਤ ਦੇਣ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਘਰਾਂ ਦੇ ਨੇੜੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਵਾਰਡ ਨੰਬਰ 14, 17 ਅਤੇ 19 ਦਾ ਸਾਂਝੇ ਤੌਰ ਤੇ ਚੰਨਾ ਪੈਲਸ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ-ਇੱਕ ਮਿਸ਼ਨ ਹੈ ਕਿ ਸੂਬਾ ਵਾਸੀਆਂ ਨੂੰ ਵਿਕਾਸ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
