ਤਰਨਤਾਰਨ, 27 ਮਾਰਚ । ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਭਾਰਤੀ ਚੋਣ ਕਮਿਸ਼ਨ ਨੇ ਸੀ-ਵਿਜ਼ਲ ਨਾਮਕ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੱਕ ਲੈਂਦੀ ਹੈ, ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਸਿਰਫ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ’ਤੇ ਨਾ ਭੇਜੀਆਂ ਜਾਣ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਚੋਣ ਕੰਟਰੋਲ ਰੂਮ ਨੰਬਰ 01852-224115 ਤੋਂ ਇਲਾਵਾ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
