ਹੁਸ਼ਿਆਰਪੁਰ, 04 ਅਕਤੂਬਰ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਦੇ ਦੁਸਹਿਰੇ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੀ ਮੌਜੂਦ ਸਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਤਾਂ ਜੋ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲੈਣਗੇ। ਆਈ.ਏ.ਐਸ. ਦਿਵਿਆ ਪੀ, ਐਸ.ਪੀ (ਹ.ਕ.) ਮਨਜੀਤ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਹਾਜ਼ਰ ਰਹੇ।
ਡਿਪਟੀ ਕਮਿਸ਼ਨਰ ਨੇ ਦੁਸਹਿਰਾ ਗਰਾਊਂਡ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਕਾਜ਼ਵੇਅ ਦੀ ਮੁਰੰਮਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੁਸ਼ਿਆਰਪੁਰ ਵਿਖੇ ਹੋ ਰਹੇ ਦੁਸਹਿਰੇ ਨੂੰ ਦੇਖਣ ਲਈ ਲੱਖਾਂ ਲੋਕ ਦੂਰ-ਦੁਰਾਡੇ ਤੋਂ ਆਉਂਦੇ ਹਨ, ਇਸ ਲਈ ਸਫ਼ਾਈ ਆਦਿ ਦੇ ਪ੍ਰਬੰਧ ਅਗਾਊਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦੁਸਹਿਰੇ ਤੋਂ ਪਹਿਲਾਂ ਹਨੂੰਮਾਨ ਜੀ ਦੀਆਂ ਪਾਵਨ ਤਸਵੀਰਾਂ ਨਾਲ ਡੀ.ਜੇ ਨਾ ਵਜਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ, ਪਾਵਰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨੂੰ ਵੀ ਯੋਗ ਦਿਸ਼ਾ-ਨਿਰਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਸ੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀਆਂ ਨਾਲ ਸਟੇਜ ਅਤੇ ਬੈਰੀਕੇਡਿੰਗ ਦੇ ਪੁਖਤਾ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਆਵਾਜਾਈ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
