ਹੁਸ਼ਿਆਰਪੁਰ, 07 ਅਕਤੂਬਰ। ਡਾ. ਜਸਵੰਤ ਰਾਏ ਵੱਲੋਂ ਅੱਜ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੀ ਖਾਲੀ ਹੋਈ ਅਸਾਮੀ ਦਾ ਚਾਰਜ ਸੰਭਾਲ ਲਿਆ ਗਿਆ। ਇਹ ਅਹੁਦਾ ਪਹਿਲੇ ਮੁੱਖ ਖੇਤੀਬਾੜੀ ਅਫ਼ਸਰ ਦੀ ਪਦਉੱਨਤੀ ਹੋਣ ਕਰਕੇ ਖਾਲੀ ਹੋਇਆ ਸੀ। ਇਸ ਤੋਂ ਪਹਿਲਾਂ ਡਾ. ਜਸਵੰਤ ਰਾਏ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਸੇਵਾ ਨਿਭਾਅ ਰਹੇ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਿਸਾਨਾਂ ਨੂੰ ਵਧੀਆ ਕੁਆਲਟੀ ਦੇ ਬੀਜ, ਕੀੜੇਮਾਰ ਦਵਾਈਆਂ ਅਤੇ ਖ਼ਾਦਾਂ ਦੀ ਸਪਲਾਈ ਯਕੀਨੀ ਬਣਾਉਣਾ ਹੋਵੇਗੀ। ਉਨ੍ਹਾਂ ਹੁਸ਼ਿਆਰਪੁਰ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਹਰ ਕੰਮ ਵਿਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਅਤੇ ਮਿੱਟੀ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਦਾ ਖੇਤਾਂ ਵਿਚ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਖੇਤਾਂ ਵਿਚ ਪਰਾਲੀ ਦਾ ਪ੍ਰਬੰਧ ਕਰਨ ਨਾਲ ਮਿੱਟੀ ਦੇ ਖ਼ੁਰਾਕੀ ਤੱਤ ਅਤੇ ਜੀਵ-ਜੰਤੂਆਂ ਦੀ ਸੰਭਾਲ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦਾ ਬੀਜ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ’ਤੇ ਬੀਜ ਪਾਪਤ ਕਰਨ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ ’ਤੇ 30 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ।
