ਮੁਹਾਲੀ, 24 ਅਕਤੂਬਰ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਖਰੜ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ, ਜ਼ਿਲ੍ਹੇ ਦੇ ਹੋਰ ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਖਰੜ ਹਲਕੇ ਦੇ ਐਸ. ਐਚ. ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਦੇ ਮੁੱਦੇ ਤੇ ਚਿੰਤਾ ਜ਼ਾਹਿਰ ਕਰਦਿਆਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਪੁਲੀਸ ਦੇ ਕੰਮਕਾਜ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਅਤੇ ਉਹ ਨਸ਼ਿਆਂ ਦੇ ਸੌਦਾਗਰਾਂ ਅਤੇ ਸਮੱਗਲਰਾਂ ਵਿਰੁੱਧ ਖੁੱਲ ਕੇ ਕਾਰਵਾਈ ਕਰਨ।
ਇਸ ਮੌਕੇ ਐਸ ਐਸ ਪੀ ਡਾ. ਸੰਦੀਪ ਗਰਗ ਨੇ 1 ਜਨਵਰੀ, 2023 ਤੋਂ ਇਸ ਸਬੰਧ ਵਿੱਚ ਹੋਈਆਂ ਐਫ ਆਈ ਆਰਜ਼ ਅਤੇ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ ਡੀ ਪੀ ਐਸ ਤਹਿਤ ਕੁੱਲ 219 ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ ਖਰੜ-1 ਅਤੇ 2 ਸਬ ਡਵੀਜ਼ਨ ਦੇ 90 ਕੇਸ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਵਿੱਚ ਖਰੜ ਸਬ ਡਵੀਜ਼ਨ ਵਿੱਚ ਦਰਜ ਮਾਮਲਿਆਂ ਦੇ 133 ਅਪਰਾਧੀਆਂ ਸਮੇਤ ਜ਼ਿਲ੍ਹੇ ਵਿੱਚ ਕੁੱਲ 316 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਮੰਤਰੀ ਨੂੰ ਨਸ਼ਾ ਤਸਕਰੀ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਸਖ਼ਤ ਕਰਵਾਈ ਵੀ ਕੀਤੀ ਜਾ ਰਹੀ ਹੈ। ਮੰਤਰੀ ਦੇ ਸੁਝਾਅ ਅਨੁਸਾਰ ਐਸ ਐਸ ਪੀ ਡਾ. ਸੰਦੀਪ ਗਰਗ ਨੇ ਡੀ ਐਸ ਪੀ ਸਿਟੀ ਪ੍ਰਭਜੋਤ ਕੌਰ ਨੂੰ ਹਫ਼ਤੇ ਵਿੱਚ ਇੱਕ ਵਾਰ, ਪੂਰਾ ਦਿਨ ਨਵਾਂ ਗਾਉਂ ਵਿਖੇ ਹਾਜ਼ਰ ਰਹਿਣ ਲਈ ਕਿਹਾ।
