ਬਟਾਲਾ, 08 ਅਕਤੂਬਰ ਡਾ: ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ। ਜਿਸ ਦੇ ਚੱਲਦਿਆਂ ਪਿੰਡ ਢਪਈ, ਮੂਲੋਵਾਲੀ, ਰਾਮਪੁਰ ਤੇ ਚੀਮਾ ਆਦਿ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਜੋਬਨਪਰੀਤ ਸਿੰਘ ਏਡੀਓ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪਾਂ ਰਾਹੀਂ ਜਾਗਰੂਕ ਕੀਤਾ ਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਵਿੱਚਲੇ ਖੁਰਾਕੀ ਤੱਤ ਅਤੇ ਮਿੱਤਰ ਜੀਵ ਜੰਤੂ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ ਕਿਰਪਾਲ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਣ ਦੇ ਨਾਲ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦਾ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਕਿਸੇ ਵੀ ਸਮੇਂ ਜਾਣਕਾਰੀ ਦਿੱਤੀ ਜਾ ਸਕਦੀ ਹੈ।
