ਮੁਹਾਲੀ , 26 ਜਨਵਰੀ (ਹਿ. ਸ.)।
ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।
ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ ”ਤੇ ਮਾਣ ਹੈ।
ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ਸੰਘਰਸ਼ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦਾ ਸਿਹਰਾ ਵੀ ਸਾਡੇ ਮਿਹਨਤੀ ਲੋਕਾਂ ਸਿਰ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ, ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਦਹਾਕਿਆਂ ਬਾਅਦ ਅਸਲ ਅਰਥਾਂ ਵਿੱਚ ਪੰਜਾਬ ਨੂੰ ਚੁਣੀ ਹੋਈ ਸਰਕਾਰ ਹੁਣ ਮਿਲੀ ਹੈ ਜਿਹੜੀ ਲੋਕਤੰਤਰ ਦੀ ਭਾਵਨਾ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਨੂੰ ਪੂਰਾ ਕਰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਬਿਜਲੀ ਸੁਧਾਰ ਅਤੇ ਸਬਸਿਡੀਆਂ ਅਤੇ ਮਾਲੀਆ ਪੈਦਾ ਕਰਨ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਸੰਕਲਪ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ”ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਸਕੂਲ ਆਫ਼ ਐਮੀਨੈਂਸ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਸੰਸਥਾਵਾਂ ਦੇ ਉੱਚ ਮਿਆਰਾਂ ਦੇ ਬਰਾਬਰ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਸਾਬਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਉਗਰਾਹੀ ਵਿੱਚ ਵਾਧੇ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸੂਬੇ ਨੂੰ ਆਪਣੇ ਵਿੱਤੀ ਸਾਧਨਾਂ ਨਾਲ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਘਰੇਲੂ ਬਿਜਲੀ ਦਾ ਜ਼ੀਰੋ ਬਿੱਲ ਵਾਲੇ 90 ਫੀਸਦੀ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਅਸੀਂ ਥਰਮਲ ਪਲਾਂਟ ਖਰੀਦਿਆ ਹੈ।
