ਫਤਹਿਗੜ੍ਹ ਸਾਹਿਬ, 08 ਅਕਤੂਬਰ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਜ਼ਿਲਾ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰ ਧਨੁਸ਼ ਦੇ ਪਹਿਲੇ ਗੇੜ ਵਿੱਚ 0 ਤੋਂ 05 ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਲਈ ਨਿਰਧਾਰਤ ਟੀਚੇ ਨੂੰ ਸਫਲਤਾ ਪੂਰਵਕ ਪ੍ਰਾਪਤ ਕਰਨ ਤੋਂ ਬਾਅਦ ਹੁਣ ਦੂਜੇ ਗੇੜ ਨੂੰ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਇਹ ਮਿਸ਼ਨ ਇੰਦਰ ਧਨੁਸ਼ ਦਾ ਦੂਜਾ ਗੇੜ 09 ਅਕਤੂਬਰ ਤੋਂ 14 ਅਕਤੂਬਰ ਤੱਕ ਚਲਾਇਆ ਜਾਵੇਗਾ ਜਦਕਿ ਇਸ ਦਾ ਤੀਜਾ ਗੇੜ 20 ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਮੰਤਵ ਜਿਲੇ ਅੰਦਰ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਨੂੰ ਘਟਾਇਆ ਜਾ ਸਕੇ। ਉਹਨਾਂ ਦੱਸਿਆ ਕਿ ਜਿਲੇ ਵਿਚ 0 ਤੋਂ 05 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰਨ ਅਤੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਿੱਚ ਮਿਸ਼ਨ ਇੰਦਰਧਨੁਸ਼ ਮਦਦਗਾਰ ਸਿੱਧ ਹੋਵੇਗਾ।
ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਵਿਭਾਗ ਵੱਲੋਂ ਟੀਕਾਕਰਨ ਤੋਂ ਕਿਸੇ ਵੀ ਕਾਰਨ ਵਾਂਝੇ ਰਹਿ ਚੁੱਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਭੱਠਿਆਂ, ਪਥੇਰਾ, ਫੈਕਟਰੀਆਂ , ਉਸਾਰੀ ਅਧੀਨ ਬਿਲਡਿੰਗਾਂ ਅਤੇ ਅਪਹੁੰਚ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹੁੰਚ ਕੀਤੀ ਜਾਵੇਗੀ ਤਾਂ ਕਿ ਪਹਿਲੇ ਗੇੜ ਦੀ ਤਰਾਂ ਇਸ ਗੇੜ ਵਿੱਚ ਵੀ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਦੇਸ ਵਿਆਪੀ ਮੁਹਿੰਮ ਖਸਰਾ ਅਤੇ ਰੁਬੇਲਾ ਦੇ ਖਾਤਮੇ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਸਰਕਾਰ ਵੱਲੋਂ ਸਾਲ 2023 ਦੇ ਅੰਤ ਤੱਕ ਖਸਰੇ ਤੇ ਰੁਬੇਲਾ ਬਿਮਾਰੀਆਂ ਨੂੰ ਖਤਮ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਹਨਾਂ ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
