ਭੋਪਾਲ, 14 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਤਵਾਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰ ਰਹੇ ਹਨ। ਉਹ ਇੱਥੇ ਹੋਸ਼ੰਗਾਬਾਦ ਲੋਕ ਸਭਾ ਹਲਕੇ ਦੇ ਅਧੀਨ ਨਰਮਦਾਪੁਰਮ ਜ਼ਿਲ੍ਹੇ ਦੇ ਪਿਪਰੀਆ ਵਿੱਚ ਜਨਸਭਾ ਨੂੰ ਸੰਬੋਧਨ ਕਰਨਗੇ।
ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 11:45 ਵਜੇ ਨਰਮਦਾਪੁਰਮ ਜ਼ਿਲ੍ਹੇ ਦੇ ਪਿਪਰੀਆ ‘ਚ ਭਾਜਪਾ ਉਮੀਦਵਾਰ ਦੇ ਸਮਰਥਨ ‘ਚ ਜਨਸਭਾ ਨੂੰ ਸੰਬੋਧਨ ਕਰਨਗੇ। ਭਾਜਪਾ ਨੇ ਹੋਸ਼ੰਗਾਬਾਦ ਸੰਸਦੀ ਸੀਟ ਤੋਂ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਇੱਥੇ 26 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ।
ਪ੍ਰਧਾਨ ਮੰਤਰੀ ਦੀ ਆਮ ਸਭਾ ਨੂੰ ਲੈ ਕੇ ਪਿਪਰੀਆ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜ ਲੇਅਰਾਂ ‘ਚ ਸੁਰੱਖਿਆ ਘੇਰਾ ਹੋਵੇਗਾ, ਜਿੱਥੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਹੋਵੇਗੀ। ਪ੍ਰਧਾਨ ਮੰਤਰੀ ਦੀ ਜਨ ਸਭਾ ਦੌਰਾਨ ਸੁਰੱਖਿਆ ਲਈ ਕਰੀਬ 1500 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ 600 ਮੁਲਾਜ਼ਮ ਵੱਖਰੀ ਸੁਰੱਖਿਆ ਤਹਿਤ ਮੌਜੂਦ ਰਹਿਣਗੇ। ਪ੍ਰੋਗਰਾਮ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਵਾਟਰਪਰੂਫ ਟੈਂਟਾਂ ਦਾ ਪ੍ਰਬੰਧ ਕੀਤਾ ਗਿਆ ਹੈ।
