ਬਟਾਲਾ,12 ਨਵੰਬਰ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ,ਐਸਡੀਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵੋਟਾਂ ਬਣਾਉਣ ਅਤੇ ਖਾਸਕਰਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜਿਸ ਵੀ ਨੌਜਵਾਨ ਦੀ ਉਮਰ 18 ਸਾਲ ਹੈ ਉਸਦੀ ਵੋਟ ਜਰੂਰ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਨੌਜਵਾਨ ਨੂੰ ਵੋਟਰ ਹੈਲਪਲਾਈਨ ਨੰਬਰ 1950 ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜਰੂਰ ਬਣਵਾਉਣ।
ਦੱਸਣਯੋਗ ਹੈ ਕਿ 9 ਦਸੰਬਰ 2023 ਤੱਕ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾਣਗੇ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 26 ਦਸੰਬਰ 2023 ਤੱਕ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਫਾਰਮਾਂ ਦੇ ਨਿਪਟਾਰੇ ਉਪਰੰਤ ਅਨੁਪੂਰਕਾਂ ਦਾ ਕੰਮ ਮੁਕੰਮਲ ਕਰਕੇ ਮਿਤੀ 5 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
