ਹੁਸ਼ਿਆਰਪੁਰ, 06 ਫਰਵਰੀ (ਹਿ. ਸ.)। ਪੰਜਾਬ ਸਰਕਾਰ ਵੱਲੋਂ ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ ਮਿਤੀ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹੁੰਚਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਇਨ੍ਹਾਂ ਝਾਕੀਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਸ਼ਾਮਿਲ ਕਰਨ ਲਈ ਇਹ ਤਿੰਨ ਵਿਸ਼ੇਸ਼ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਸ਼ੁਰੂਆਤ ਪਟਿਆਲਾ ਅਤੇ ਲੁਧਿਆਣਾ ਤੋਂ ਕੀਤੀ ਜਾ ਚੁੰਕੀ ਹੈ ਅਤੇ ਉਸ ਤੋਂ ਬਾਅਦ ਇਹ ਝਾਕੀਆਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਸ਼ਹੀਦ ਭਗਤ ਸਿੰਘ ਨਗਰ ਤੋਂ ਗੜ੍ਹਸ਼ੰਕਰ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਵਿਚ ਪਹੁੰਚਣਗੀਆਂ ਅਤੇ 6 ਫਰਵਰੀ ਨੂੰ ਗੜ੍ਹਸ਼ੰਕਰ, ਮਾਹਿਲਪੁਰ ਅਤੇ ਚੱਬੇਵਾਲ ਰੁਕਣ ਉਪਰੰਤ ਇਹ ਝਾਕੀਆਂ ਹੁਸ਼ਿਆਰਪੁਰ ਸ਼ਹਿਰ ਪਹੁੰਚਣਗੀਆਂ, ਜਿਥੇ ਸ਼ਹੀਦ ਭਗਤ ਸਿੰਘ ਚੌਕ, ਸਰਕਾਰੀ ਕਾਲਜ ਚੌਕ, ਪ੍ਰਭਾਤ ਚੌਕ, ਟਾਂਡਾ ਬਾਈਪਾਸ ਅਤੇ ਨਲੋਈਆਂ ਚੌਕ ਵਿਖੇ ਲੋਕ ਇਨ੍ਹਾਂ ਦੇ ਰੁਬਰੂ ਹੋਣਗੇ। ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਇਹ ਝਾਕੀਆਂ ਹਰਿਆਣਾ, ਭੂੰਗਾ, ਗੜ੍ਹਦੀਵਾਲਾ, ਦਸੂਹਾ, ਉੱਚੀ ਬੱਸੀ ਤੋ ਹੁੰਦੀਆਂ ਹੋਈਆਂ ਮੁਕੇਰੀਆਂ ਪਹੁੰਚਣਗੀਆਂ ਅਤੇ ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈਆਂ ਇਨ੍ਹਾਂ ਵਿਸ਼ੇਸ਼ ਅਤੇ ਵੱਡ-ਆਕਾਰੀ ਝਾਕੀਆਂ ਦੇਖਣ ਦਾ ਸੱਦਾ ਦਿੱਤਾ।
